ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਬੈਨਰ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੁਨੀਅਨ ਰਜਿ 31 ਦੇ ਜ਼ਿਲਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਬਿਕਰਮਜੀਤ ਸਿੰਘ ਕਪੂਰ, ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਪ੍ਰਧਾਨ ਕੇਸਰ ਸਿੰਘ ਸਰਕਲ ਜੁਇੰਟ ਸਕੱਤਰ ਅਜੀਤ ਸਿੰਘ ਸਰਕਲ ਕੈਸ਼ੀਅਰ ਸੁਖਰਾਜ ਸਿੰਘ ਸਬ ਡਿਵੀਜ਼ਨ ਪ੍ਰਧਾਨ ਰਣਜੀਤ ਸਿੰਘ ਪਾਵਰਕੌਮ ਟਾਸਕੋ ਆਊਟਸੋਰਸ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਨੇ ਦੱਸਿਆ ਕੀ ਜਿੱਥੇ ਇਕ ਪਾਸੇ ਵੱਖ ਵੱਖ ਮਹਿਕਮਿਆਂ ਵਿਚ ਤੇ ਫੀਲਡ ਅਤੇ ਦਫਤਰਾਂ ’ਚ ਪਿਛਲੇ 15-20 ਸਾਲਾਂ ਤੋਂ ਇਕ ਵਰਕਰ ਦੇ ਰੂਪ ਵਿੱਚ ਰੈਗੂਲਰ ਮੁਲਾਜਮਾਂ ਵਾਂਗ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਸਿੱਧਾ ਵਿਭਾਗ ’ਚ ਸ਼ਾਮਲ ਕਰਨ ਵਾਲੀ ਪ੍ਰਪੋਜਲ ਨੂੰ ਲਾਗੂ ਕਰਕੇ ਪੱਕਾ ਰੁਜਗਾਰ ਕਰਨ ਵਾਲੀ ਪ੍ਰਮੁੱਖ ਮੰਗ ਦਾ ਹੱਲ ਕਰਨ ਵਿੱਚ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੇਟਾ ਵੱਲੋਂ ਅਣਦੇਖੀ ਕੀਤੀ ਜਾ ਰਹੀ ਹੈ ਉਥੇ ਇਸਦੇ ਨਾਲ ਹੀ ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ, ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਲਾਗੂ ਕਰਕੇ ਵਰਕਰਾਂ ਦੇ ਕੱਚੇ ਪਿੱਲੇ ਰੁਜਗਾਰ ਨੂੰ ਖੋਹ ਕੇ ਬੇਰੁਜਗਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਬਿਜਲੀ ਵਿਭਾਗ ਦਾ ਨੀਜੀਕਰਨ ਕੀਤਾ ਜਾ ਰਿਹਾ ਹੈ, ਇਸ ਸਬੰਧੀ 20 ਅਗਸਤ 2025 ਨੂੰ ਕੈਬਨਿਟ ਸਬ ਕਮੇਟੀ ਦੇ ਨਾਲ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨਾਲ ਮੀਟਿੰਗ ਨਾ ਹੋਣ ਦੇ ਰੋਸ ਵਜੋਂ 21 ਅਗਸਤ 2025 ਨੂੰ ਪੰਜਾਬ ਸਰਕਾਰ ਦੀਆਂ ਅਰਥੀਆਂ ਜ਼ਿਲਾ ਪੱਧਰੀ,ਬ੍ਰਾਂਚ ਪੱਧਰੀ ਸਮੂਹ ਬ੍ਰਾਂਚਾ ਵਿਚ ਫੂਕੀਆਂ ਗਈਆ। ਇਸਦੇ ਬਾਅਦ 11ਸਤੰਬਰ 2025 ਨੂੰ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਦੀ ਕੋਠੀ ਸੰਗਰੂਰ ਦਾ ਘੇਰਾਓ ਕਰਕੇ ਸੂਬਾ ਪੱਧਰੀ ਦਿੱਤੇ ਜਾ ਰਹੇ ਧਰਨੇ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਾਮੇ ਪਰਿਵਾਰਾਂ ਅਤੇ ਬੱਚਿਆ ਸਮੇਤ ਸ਼ਾਮਿਲ ਹੋਣਗੇ। ਇਸ ਸੂਬਾ ਪੱਧਰੀ ਧਰਨੇ ਦੀ ਤਿਆਰੀ ਲਈ ਹੋਣ ਵਾਲੀਆਂ ਕੰਨਵੈਨਸ਼ਨਾਂ ਵਿੱਚ ਜਿਲਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।






