ਸ੍ਰੀ ਮੁਕਤਸਰ ਸਾਹਿਬ, 27 ਅਗਸਤ ()- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉੱਭਰਦੇ ਖਿਡਾਰੀਆਂ ਦੀ ਸਹੂਲਤ ਲਈ ਅਤਿ ਆਧੁਨਿਕ ਪੇਂਡੂ ਖੇਡ ਮੈਦਾਨ ਬਣਾਉਣ ਦੀ ਯੋਜਨਾ ਲਾਗੂ ਕੀਤੀ ਹੈ। ਇਸ ਬਾਬਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡਾਂ ਚੱਲ ਰਹੇ ਕੰਮਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਮੈਦਾਨ ਤਿਆਰ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਪਲਬਧ ਥਾਵਾਂ ਦਾ ਸਰਵੇਖਣ ਕਰਵਾ ਕੇ ਗਰਾਉਂਡ ਤਿਆਰ ਕਰਨ ਲਈ ਮੁੱਢਲੇ ਨਕਸ਼ੇ ਤਿਆਰ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਇਸ ਮੀਟਿੰਗ ਰਾਹੀਂ ਖੇਡ ਮੈਦਾਨ ਤਿਆਰ ਕਰਨ ਤੋਂ ਪਹਿਲਾਂ ਪੰਚਾਇਤਾਂ ਤੋਂ ਸੁਝਾਅ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਚਾਇਤੀ ਨੁਮਾਇੰਦਿਆਂ ਵੱਲੋਂ ਦਿੱਤੇ ਗਏ ਸੁਝਾਵਾਂ ਦੇ ਆਧਾਰ ‘ਤੇ ਇਨ੍ਹਾਂ ਨਕਸ਼ਿਆਂ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਵਾਈਆਂ ਜਾਣਗੀਆਂ ਤਾਂ ਜੋ ਵੱਧ ਤੋਂ ਵੱਧ ਜ਼ਿਲ੍ਹਾ ਵਾਸੀ ਇਨ੍ਹਾਂ ਖੇਡ ਮੈਦਾਨਾਂ ਵਿੱਚ ਤਿਆਰ ਕੀਤੀਆਂ ਜਾਣ ਵਾਲੀਆਂ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਡੀ.ਸੀ. ਅਭਿਜੀਤ ਕਪਲਿਸ਼ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਖੇਡ ਮੈਦਾਨ ਤਿਆਰ ਕੀਤੇ ਜਾਣ ਨਾਲ ਖੇਡ ਸੱਭਿਆਚਾਰ ਪ੍ਰਫੁੱਲਤ ਹੋਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦਰ ਰੱਖਣ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਵਿੱਚ ਉਪਲਬਧ ਕਰਵਾਈਆਂ ਜਾਣ ਵਾਲੀਆਂ ਆਧੁਨਿਕ ਸੁਵਿਧਾਵਾਂ ਸਦਕਾ ਨੌਜਵਾਨਾਂ ਦੀ ਦਿਲਚਸਪੀ ਖੇਡਾਂ ਵਿੱਚ ਹੋਰ ਵਧੇਗੀ ਅਤੇ ਉਹ ਬੁਰੀਆਂ ਅਲਾਮਤਾਂ ਤੋਂ ਖੁਦ ਕੋਹਾਂ ਦੂਰ ਹੋ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਸ਼ਿਵਾਂਸ ਅਸਥਾਨਾ, ਚੇਅਰਮੈਨ ਜਸ਼ਨ ਬਰਾੜ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ, ਐਕਸੀਅਨ ਪੰਚਾਇਤੀ ਰਾਜ ਰਾਜੇਸ਼ ਗਰੋਵਰ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਹਾਜ਼ਰ ਸਨ।






