ਨਵਾਂਸ਼ਹਿਰ /ਕਾਠਗੜ੍ਹ 10 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ ) : ਕਾਠਗੜ੍ਹ ਦੇ ਨੇੜੇ ਪਿੰਡ ਟੌਂਸਾ ਵਿਖੇ ਸਥਿਤ ਇਤਿਹਾਸਕ ਅਤੇ ਪਵਿੱਤਰ ਦਰਬਾਰ ਪੀਰ ਬਾਬਾ ਦੌਲਤ ਸ਼ਾਹ ਜੀ ਵਿਖੇ ਸਾਲਾਨਾ ਜੋੜ ਮੇਲਾ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੁਕੱਦਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਦਰਬਾਰ ਵਿੱਚ ਨਤਮਸਤਕ ਹੁੰਦਿਆਂ ਉਨ੍ਹਾਂ ਨੇ ਬਾਬਾ ਜੀ ਦਾ ਪਵਿੱਤਰ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਪਵਿੱਤਰ ਅਸਥਾਨ ਸਾਡੇ ਸਮਾਜ ਵਿੱਚ ਆਪਸੀ ਸਾਂਝ ਅਤੇ ਸਦਭਾਵਨਾ ਦਾ ਪ੍ਰਤੀਕ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਬਾਬਾ ਜੀ ਦੇ ਚਰਨਾਂ ਵਿੱਚ ਇਲਾਕੇ ਦੀ ਸੁੱਖ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਅਤੇ ਸਮੂਹ ਲੋਕਾਂ ਦੀ ਚੜ੍ਹਦੀ ਕਲਾ ਲਈ ਵਿਸ਼ੇਸ਼ ਤੌਰ ‘ਤੇ ਅਰਦਾਸ ਕੀਤੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪਰਮਾਤਮਾ ਦੀ ਅਪਾਰ ਕਿਰਪਾ ਸਦਕਾ ਸਾਰਿਆਂ ਦੇ ਜੀਵਨ ਵਿੱਚ ਹਮੇਸ਼ਾ ਖੁਸ਼ਹਾਲੀ, ਤੰਦਰੁਸਤੀ ਅਤੇ ਪ੍ਰਗਤੀ ਬਣੀ ਰਹੇਗੀ ਅਤੇ ਬਾਬਾ ਜੀ ਦੀ ਮੇਹਰ ਭਰਿਆ ਹੱਥ ਹਰ ਇੱਕ ਸਿਰ ‘ਤੇ ਹਮੇਸ਼ਾ ਕਾਇਮ ਰਹੇਗਾ। ਇਸ ਦੌਰਾਨ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਪਹੁੰਚੇ ਅਸ਼ੋਕ ਕਟਾਰੀਆ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ ਕੇ ਦਰਬਾਰ ਵਿੱਚ ਹਾਜ਼ਰੀ ਲਗਵਾਈ ਅਤੇ ਪ੍ਰਸ਼ਾਦ ਗ੍ਰਹਿਣ ਕੀਤਾ।






