ਮਾਛੀਵਾੜਾ ਸਾਹਿਬ,11 ਜੁਲਾਈ (ਸੁੱਚਾ ਬੰਗੜ) ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਲਖਵਿੰਦਰ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਾਛੀਵਾੜਾ ਸਾਹਿਬ ਅਤੇ ਇਸਦੇ ਅਧੀਨ ਆਉਂਦੇ ਸਿਹਤ ਕੇਂਦਰਾਂ ‘ਚ ਵਿਸ਼ਵ ਅਬਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਲੋਕਾਂ ਨੂੰ ਅਬਾਦੀ ਵਾਧੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਐਸ.ਐਮ.ਓ. ਡਾ. ਲਖਵਿੰਦਰ ਸਿੰਘ ਨੇ ਕਿਹਾ ਕਿ ਦੇਸ਼ ‘ਚ ਬਹੁਤ ਤੇਜ਼ੀ ਨਾਲ ਵਧ ਰਹੀ ਆਬਾਦੀ ਕਾਰਨ ਕੁਦਰਤੀ ਸਰੋਤਾਂ ‘ਤੇ ਬਹੁਤ ਦਬਾਅ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਧ ਰਹੀ ਆਬਾਦੀ ਕਾਰਨ ਭੁੱਖਮਰੀ, ਗਰੀਬੀ, ਅਨਪੜ੍ਹਤਾ ਅਤੇ ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਵੀ ਵੱਧ ਰਹੀਆਂ ਹਨ। ਇਸ ਲਈ ਹਰੇਕ ਵਿਅਕਤੀ ਨੂੰ ਪਰਿਵਾਰ ਨਿਯੋਜਨ ਦੇ ਸਾਧਨਾਂ ਬਾਰੇ ਜਾਣਕਾਰੀ ਦੇ ਕੇ ਛੋਟੇ ਪਰਿਵਾਰ ਦਾ ਸੰਕਲਪ ਅਪਣਾਉਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਵਿਸ਼ਵ ਅਬਾਦੀ ਦਿਵਸ ਦੇ ਸਬੰਧ ‘ਚ 11 ਜੁਲਾਈ ਤੋਂ 18 ਜੁਲਾਈ ਤੱਕ ਪੂਰੇ ਬਲਾਕ ‘ਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾਣਗੀਆਂ। ਇਸ ਦੌਰਾਨ ਸਕੂਲਾਂ, ਪਿੰਡਾਂ ਅਤੇ ਹਸਪਤਾਲਾਂ ‘ਚ ਸੈਮੀਨਾਰ, ਰੈਲੀਆਂ ਅਤੇ ਪੋਸਟਰ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਇਸ ਮੌਕੇ *ਡਾ. ਦਵਿੰਦਰ ਕੁਮਾਰ, ਡਾ. ਨਵਰੀਤ ਕੌਰ, ਡਾ. ਰਸ਼ਪਾਲ ਸਿੰਘ, ਡਾ. ਸਤਵਿੰਦਰ ਕੌਰ, ਸ਼ਮਸ਼ੇਰ ਸਿੰਘ ਫਾਰਮੇਸੀ ਅਫ਼ਸਰ, ਪਰਮਵੀਰ ਸਿੰਘ, ਅਮਿਤ ਕੁਮਾਰ, ਸੰਦੀਪ ਕੌਰ, ਗੁਰਮੀਤ ਸਿੰਘ, ਬਲਵਿੰਦਰ ਸਿੰਘ ਤੋਂ ਇਲਾਵਾ ਹਸਪਤਾਲ ਦਾ ਸਮੂਹ ਸਟਾਫ ਅਤੇ ਪਿੰਡ ਦੇ ਪਤਵੰਤੇ ਵੱਡੀ ਗਿਣਤੀ ‘ਚ ਹਾਜ਼ਰ ਸਨ।





