ਅੰਮ੍ਰਿਤਸਰ, 12 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ 13 ਅਤੇ 14 ਜੁਲਾਈ, 2026 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਮੂਹ 2134 ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਯੋਗ ਵੋਟਰ ਆਪਣੇ ਗਣਨਾ ਫਾਰਮ (Enumeration Form) ਭਰ ਕੇ ਸਬੰਧਤ ਬੂਥ ਲੈਵਲ ਅਫ਼ਸਰ (ਬੀਐਲਓ) ਕੋਲ ਜਮ੍ਹਾਂ ਕਰਵਾ ਸਕਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 13 ਅਤੇ 14 ਜੁਲਾਈ ਨੂੰ ਆਪਣੇ-ਆਪਣੇ ਨਿਰਧਾਰਿਤ ਪੋਲਿੰਗ ਬੂਥਾਂ ‘ਤੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਅਤੇ ਆਪਣੇ ਗਣਨਾ ਫਾਰਮ ਭਰ ਕੇ ਸਬੰਧਤ ਬੂਥ ਲੈਵਲ ਅਫ਼ਸਰ (ਬੀਐਲਓ) ਨੂੰ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਸ਼ੁੱਧਤਾ, ਪਾਰਦਰਸ਼ਤਾ ਅਤੇ ਸੰਪੂਰਨਤਾ ਨੂੰ ਯਕੀਨੀ ਬਣਾਉਣ ਲਈ ਹਰੇਕ ਯੋਗ ਵੋਟਰ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਸਮੂਹ ਬੂਥ ਲੈਵਲ ਅਫ਼ਸਰ (ਬੀਐਲਓ) 13 ਅਤੇ 14 ਜੁਲਾਈ ਨੂੰ ਸਵੇਰੇ 8:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਵੋਟਰ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਆਉਣ ਅਤੇ ਆਪਣੇ ਵੋਟਰ ਵੇਰਵਿਆਂ ਦੀ ਸਮੇਂ ਸਿਰ ਪੁਸ਼ਟੀ ਕਰਵਾਉਣ।ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜੇਕਰ ਕਿਸੇ ਵੋਟਰ ਨੂੰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਆਪਣੇ ਸਬੰਧਤ ਬੂਥ ਲੈਵਲ ਅਫ਼ਸਰ ਨਾਲ ਸੰਪਰਕ ਕਰ ਸਕਦਾ ਹੈ ਜਾਂ ਚੋਣ ਕਮਿਸ਼ਨ ਦੇ ਟੋਲ-ਫ੍ਰੀ ਹੈਲਪਲਾਈਨ ਨੰਬਰ 1950 ‘ਤੇ ਸਵੇਰੇ 8:00 ਵਜੇ ਤੋਂ ਰਾਤ 8:00 ਵਜੇ ਤੱਕ ਸੰਪਰਕ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਉਹ ਆਪਣਾ ਗਣਨਾ ਫਾਰਮ (Enumeration Form) ਲਾਜ਼ਮੀ ਤੌਰ ‘ਤੇ ਭਰ ਕੇ ਬੀਐਲਓ ਨੂੰ ਵਾਪਸ ਜਮ੍ਹਾਂ ਕਰਵਾਉਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਸਮੇਂ ਸਿਰ ਤਸਦੀਕ ਕਰਵਾਉਣ, ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਯੋਗ ਵੋਟਰ ਵੱਲੋਂ ਆਪਣਾ ਗਣਨਾ ਫਾਰਮ ਨਿਰਧਾਰਿਤ ਸਮੇਂ ਅੰਦਰ ਜਮ੍ਹਾਂ ਨਹੀਂ ਕਰਵਾਇਆ ਜਾਂਦਾ ਤਾਂ 3 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਵੋਟਰ ਸੂਚੀ ਵਿੱਚ ਉਸ ਦਾ ਨਾਮ ਸ਼ਾਮਲ ਨਹੀਂ ਹੋਵੇਗਾ।





