ਫ਼ਰੀਦਕੋਟ, 16 ਜੁਲਾਈ (ਮਨਜੀਤ ਸਿੰਘ ਢੱਲਾ)- ਬਹਿਬਲ ਕਲਾਂ ਗੋਲੀਕਾਂਡ ਅਤੇ 2015 ਦੀਆਂ ਬੇਅਦਬੀ ਘਟਨਾਵਾਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਨੋਟਿਸ ਜਾਰੀ ਕੀਤਾ ਹੈ। ਐਸਆਈਟੀ ਨੇ ਉਨ੍ਹਾਂ ਨੂੰ ਅਗਲੇ ਸੋਮਵਾਰ ਜਾਂਚ ਟੀਮ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਸਮੇਤ ਮਾਮਲੇ ਨਾਲ ਜੁੜੇ ਕਈ ਹੋਰ ਵਿਅਕਤੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।ਡੀਆਈਜੀ ਹਰਜੀਤ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਐਸਆਈਟੀ ਨੇ ਹਾਲ ਹੀ ਵਿੱਚ ਫਰੀਦਕੋਟ ਜ਼ਿਲ੍ਹੇ ਦੇ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਅਤੇ ਬਹਿਬਲ ਕਲਾਂ ਵਿਖੇ ਘਟਨਾ ਸਥਾਨਾਂ ਦਾ ਮੁੜ ਦੌਰਾ ਕਰਕੇ ਪੂਰੇ ਘਟਨਾਕ੍ਰਮ ਦੀ ਪੜਤਾਲ ਕੀਤੀ। ਜਾਂਚ ਟੀਮ ਨੇ ਬਾਜਾਖਾਨਾ ਥਾਣੇ ਵਿੱਚ ਸੰਭਾਲੇ ਕੇਸ ਰਿਕਾਰਡ, ਡਾਇਰੀਆਂ ਅਤੇ ਹੋਰ ਦਸਤਾਵੇਜ਼ਾਂ ਦਾ ਵੀ ਵਿਸਥਾਰ ਨਾਲ ਅਧਿਐਨ ਕੀਤਾ।ਜਾਂਚ ਦੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਆਪਣਾ ਬਿਆਨ ਦਰਜ ਕਰਵਾਇਆ ਸੀ। ਇਸ ਤੋਂ ਇਲਾਵਾ ਸਾਬਕਾ ਓਐਸਡੀ ਗਗਨਦੀਪ ਸਿੰਘ ਬਰਾੜ, ਉਸ ਵੇਲੇ ਦੇ ਡਿਪਟੀ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਤਾਰ ਸਿੰਘ ਬਰਾੜ ਵੀ ਐਸਆਈਟੀ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖ ਚੁੱਕੇ ਹਨ।ਇਹ ਜਾਂਚ 2015 ਵਿੱਚ ਬਾਜਾਖਾਨਾ ਥਾਣੇ ਵਿੱਚ ਦਰਜ ਦੋ ਵੱਖ-ਵੱਖ ਕੇਸਾਂ ਦੇ ਆਧਾਰ ‘ਤੇ ਅੱਗੇ ਵਧ ਰਹੀ ਹੈ। 1 ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲਾਪਤਾ ਹੋਣ, ਬਾਅਦ ਵਿੱਚ ਬਰਗਾੜੀ ਵਿਖੇ ਹੋਈ ਬੇਅਦਬੀ ਅਤੇ 14 ਅਕਤੂਬਰ 2015 ਨੂੰ ਬਹਿਬਲ ਕਲਾਂ ਵਿਖੇ ਪੁਲਿਸ ਫਾਇਰਿੰਗ ਦੌਰਾਨ ਦੋ ਸਿੱਖ ਨੌਜਵਾਨਾਂ ਦੀ ਮੌਤ ਤੋਂ ਬਾਅਦ ਇਹ ਮਾਮਲਾ ਪੰਜਾਬ ਦੇ ਸਭ ਤੋਂ ਚਰਚਿਤ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ।ਜਾਂਚ ਟੀਮ ਹੁਣ ਮਾਮਲੇ ਨਾਲ ਜੁੜੇ ਅਹਿਮ ਵਿਅਕਤੀਆਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕਰਕੇ ਘਟਨਾਕ੍ਰਮ ਦੀਆਂ ਸਾਰੀਆਂ ਕੜੀਆਂ ਨੂੰ ਜੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਪਹਿਲਾਂ ਵੀ ਐਸਆਈਟੀ ਦੀ ਪੁੱਛਗਿੱਛ ਵਿੱਚ ਪੂਰਾ ਸਹਿਯੋਗ ਕਰ ਚੁੱਕੇ ਹਨ ਅਤੇ ਹੁਣ ਵੀ ਜਾਂਚ ਟੀਮ ਸਾਹਮਣੇ ਪੇਸ਼ ਹੋ ਕੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹਨ।






