ਅੰਮ੍ਰਿਤਸਰ, 17 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਨਗਰ ਨਿਗਮ ਅੰਮ੍ਰਿਤਸਰ ਦੇ ਐਸਟੇਟ ਵਿੰਗ ਵੱਲੋਂ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬਟਾਲਾ ਰੋਡ, ਵੇਰਕਾ ਬਾਈਪਾਸ ਅਤੇ ਰਾਮ ਤਲਾਈ ਰੋਡ ’ਤੇ ਵਿਸ਼ੇਸ਼ ਕਾਰਵਾਈ ਕਰਦਿਆਂ ਸੜਕਾਂ, ਫੁੱਟਪਾਥਾਂ ਅਤੇ ਸਰਕਾਰੀ ਥਾਵਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ। ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀ ਰਹਿਨੁਮਾਈ ਹੇਠ ਕੀਤੀ ਗਈ। ਮੁਹਿੰਮ ਦੌਰਾਨ ਨਿਯਮਾਂ ਦੀ ਉਲੰਘਣਾ ਕਰਕੇ ਰੱਖਿਆ ਗਿਆ ਸਮਾਨ, ਡਿਸਪਲੇ ਆਈਟਮ ਅਤੇ ਹੋਰ ਸਮੱਗਰੀ ਜ਼ਬਤ ਕੀਤੀ ਗਈ। ਸੜਕਾਂ ਅਤੇ ਫੁੱਟਪਾਥਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾ ਕੇ ਆਵਾਜਾਈ ਨੂੰ ਸੁਚਾਰੂ ਬਣਾਇਆ ਗਿਆ। ਨਗਰ ਨਿਗਮ ਦੇ ਅਧਿਕਾਰੀਆਂ ਨੇ ਕਿਹਾ ਕਿ ਸਰਕਾਰੀ ਥਾਵਾਂ ’ਤੇ ਨਾਜਾਇਜ਼ ਕਬਜ਼ਿਆਂ ਕਾਰਨ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਅਜਿਹੇ ਕਬਜ਼ਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਗਰ ਨਿਗਮ ਨੇ ਦੁਕਾਨਦਾਰਾਂ ਅਤੇ ਕਬਜ਼ਾਕਾਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਦੁਬਾਰਾ ਸਰਕਾਰੀ ਜਗ੍ਹਾ ’ਤੇ ਕਬਜ਼ਾ ਨਾ ਕਰਨ। ਜੇਕਰ ਦੁਬਾਰਾ ਕਬਜ਼ਾ ਕੀਤਾ ਗਿਆ ਤਾਂ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕਰਦੇ ਹੋਏ ਸਮਾਨ ਜ਼ਬਤ ਕੀਤਾ ਜਾਵੇਗਾ ਅਤੇ ਜੁਰਮਾਨਾ ਵੀ ਲਗਾਇਆ ਜਾਵੇਗਾ। ਇਹ ਕਾਰਵਾਈ ਸਕੱਤਰ-ਕਮ-ਐਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਐਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ। ਮੁਹਿੰਮ ਵਿੱਚ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਕੁਮਾਰ ਸਮੇਤ ਐਸਟੇਟ ਵਿੰਗ ਦੀ ਟੀਮ ਨੇ ਹਿੱਸਾ ਲਿਆ। ਨਗਰ ਨਿਗਮ ਅੰਮ੍ਰਿਤਸਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਤਕ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਰੱਖਣ ਲਈ ਨਿਗਮ ਦਾ ਸਹਿਯੋਗ ਕਰਨ, ਤਾਂ ਜੋ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਆਵਾਜਾਈ ਲਈ ਸੁਗਮ ਬਣਾਇਆ ਜਾ ਸਕੇ।






