Ashok (24/7/26) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ 24 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਜਾ ਰਹੇ ‘ਮੀਰੀ ਪੀਰੀ ਖਾਲਸਾ ਮਾਰਚ’ ਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸੰਗਤਾਂ ਨੂੰ ਵੱਡੀ ਗਿਣਤੀ ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਕਰਕੇ ਮੀਰੀ ਪੀਰੀ ਦਾ ਸਿਧਾਂਤ ਦਿੱਤਾ ਜੋ ਧਰਮ ਅਤੇ ਰਾਜ ਦੇ ਸੁਮੇਲ ਦਾ ਪ੍ਰਤੀਕ ਹੈ।ਇਸ ਮਹਾਨ ਸਿਧਾਂਤ ਨੂੰ ਮੁਗਲਾਂ,ਅੰਗਰੇਜ਼ਾਂ ਤੋਂ ਲੈ ਕੇ ਆਜ਼ਾਦ ਭਾਰਤ ਦੀਆਂ ਸਰਕਾਰਾਂ ਵੱਲੋਂ ਕਈ ਚੁਣੌਤੀਆਂ ਦਿੱਤੀਆਂ ਜਾਂਦੀਆਂ ਰਹੀਆਂ ਪ੍ਰੰਤੂ ਸਿੱਖਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਉਨਾਂ ਚੁਣੌਤੀਆਂ ਦਾ ਡਟਕੇ ਮੁਕਾਬਲਾ ਕੀਤਾ।ਸਿੰਘ ਸਾਹਿਬ ਨੇ ਕਿਹਾ ਕਿ ਅੱਜ ਵੀ ਪੰਥ ਵਿਰੋਧੀ ਸ਼ਕਤੀਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਿਧਾਂਤ ਨੂੰ ਸੱਟ ਮਾਰਨ ਦੀਆਂ ਚਾਲਾਂ ਅਤੇ ਹਰਕਤਾਂ ਹੋ ਰਹੀਆਂ ਜਿੰਨ੍ਹਾਂ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਣ ਲਈ ‘ਮੀਰੀ ਪੀਰੀ ਖਾਲਸਾ ਮਾਰਚ’ ਸਜਾਇਆ ਜਾ ਰਿਹਾ ਹੈ। ਜਥੇਦਾਰ ਬਾਬਾ ਟੇਕ ਸਿੰਘ ਨੇ ਸੰਗਤਾਂ ਨੂੰ ਸੱਦਾ ਦਿੱਤਾ ਕਿ ਉਹ 24 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਆਰੰਭ ਹੋਣ ਵਾਲੇ ‘ਮੀਰੀ ਪੀਰੀ ਖਾਲਸਾ ਮਾਰਚ’ ਚ ਵਧ ਚੜ ਕੇ ਸ਼ਮੂਲੀਅਤ ਕਰਨ ਅਤੇ ਜਿੱਥੇ ਜਿੱਥੇ ਖਾਲਸਾ ਮਾਰਚ ਦਾ ਪੜਾਅ ਹੈ ਉੱਥੇ ਉਸਦਾ ਖਾਲਸਾਈ ਜਾਹੋ ਜਲਾਲ ਨਾਲ ਸਵਾਗਤ ਕਰਨ।ਦੱਸਣਾ ਬਣਦਾ ਹੈਕਿ 24 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਣ ਵਾਲਾ ‘ਮੀਰੀ ਪੀਰੀ ਖਾਲਸਾ ਮਾਰਚ’ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ 3 ਅਗਸਤ ਸ਼ਾਮ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਸੰਪੂਰਨ ਹੋਵੇਗਾ।
ਫੋਟੋ ਕੈਪਸ਼ਨ:ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਬਾਬਾ ਟੇਕ ਸਿੰਘ।






