ਪੱਟੀ ਸਦੀਕ, 15 ਅਗਸਤ (ਬਲਕਰਨ ਸਿੰਘ ਮਸ਼ਾਲ)- ਫ਼ਾਜ਼ਿਲਕਾ ਵਿਖੇ ਦੇਸ਼ ਦੀ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ, ਜਦਕਿ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ਼ ਸੁਹਾਨੀ ਡੋਡਾ ਅਬੋਹਰ ਨੇ ਵੀ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਉਨ੍ਹਾਂ ਦੀਆਂ ਅਦੁੱਤੀ ਕੁਰਬਾਨੀਆਂ ਨੂੰ ਕੋਟੀ-ਕੋਟੀ ਪ੍ਰਣਾਮ ਕੀਤਾ ਗਿਆ। ਇਸ ਮੌਕੇ ਆਜ਼ਾਦੀ ਸੰਗਰਾਮ ਦੇ ਸੂਰਬੀਰ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ‘ਆਪ’ ਆਗੂ ਸੁਹਾਨੀ ਡੋਡਾ ਨੇ ਸਮੂਹ ਨਾਗਰਿਕਾਂ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਸਾਡੇ ਦੇਸ਼ ਭਗਤਾਂ ਦੀਆਂ ਅਸੀਮ ਕੁਰਬਾਨੀਆਂ ਤੋਂ ਪ੍ਰੇਰਣਾ ਲੈ ਕੇ ਰੰਗਲੇ ਅਤੇ ਖੁਸ਼ਹਾਲ ਪੰਜਾਬ ਦੇ ਨਿਰਮਾਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।