ਸ੍ਰੀ ਮੁਕਤਸਰ ਸਾਹਿਬ, 08 ਸਤੰਬਰ (ਮਨਜੀਤ ਸਿੱਧੂ):- ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਸਿੱਧ ਸਮਾਜ ਸੇਵਕ ਡਾ. ਨਰੇਸ਼ ਪਰੂਥੀ ਨੂੰ ਪਿਛਲੇ 36 ਸਾਲਾਂ ਤੋਂ ਸਮਾਜ ਸੇਵਾ ਅਤੇ ਸਿੱਖਿਆ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਲਈ “ਐਮੀਨੈਂਸ ਅਵਾਰਡਜ਼ 2026 ਪੰਜਾਬ”ਨਾਲ ਸਨਮਾਨਿਤ ਕੀਤਾ ਗਿਆ। ਚੰਡੀਗੜ੍ਹ ਵਿਖੇ ਕਰਵਾਏ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਇਹ ਵੱਕਾਰੀ ਸਨਮਾਨ ਪ੍ਰਦਾਨ ਕੀਤਾ। ਡਾ. ਪਰੂਥੀ ਵੱਲੋਂ ਸਾਲ 1991 ਤੋਂ ਅਨਾਥ ਤੇ ਬੇਸਹਾਰਾ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਪੰਜਾਬ ਦੇ ਰਾਜਪਾਲਾਂ ਵੱਲੋਂ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਦੋ ਵਾਰ ਸਨਮਾਨਿਤ ਕੀਤਾ ਜਾ ਚੁੱਕਾ ਹੈ। ਸਿਹਤ ਖੇਤਰ ਵਿੱਚ ਯੋਗਦਾਨ ਲਈ ਉਨ੍ਹਾਂ ਨੂੰ “ਪੰਜਾਬ ਸਟੇਟ ਧਨਵੰਤਰੀ ਐਵਾਰਡ-2019”ਵੀ ਮਿਲ ਚੁੱਕਾ ਹੈ। ਮਾਨਵਤਾ ਫਾਊਂਡੇਸ਼ਨ ਦੀ ਦੇਖ-ਰੇਖ ਹੇਠ ਸਾਲ 2015 ਵਿੱਚ ਮਾਨਵਤਾ ਬਾਲ ਆਸ਼ਰਮ ਦੀ ਸਥਾਪਨਾ ਕੀਤੀ ਗਈ ਸੀ, ਜਿਸ ਨੂੰ ਅੱਗੇ ਵਧਾਉਂਦਿਆਂ ਹੁਣ ਮਾਨਵਤਾ ਸੇਵਾ ਆਸ਼ਰਮ ਰਾਹੀਂ ਲੋੜਵੰਦਾਂ ਨੂੰ ਰਹਿਣ, ਖਾਣ-ਪੀਣ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਾ. ਪਰੂਥੀ ਨੂੰ ਮਿਲੇ ਇਸ ਸਨਮਾਨ ਨਾਲ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਖੁਸ਼ੀ ਦੀ ਲਹਿਰ ਹੈ। ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਸੇਵਾ ਨੂੰ ਸਮਾਜ ਲਈ ਪ੍ਰੇਰਣਾਦਾਇਕ ਦੱਸਿਆ।






