ਬੱਸੀ ਪਠਾਣਾ, 12 ਸਤੰਬਰ (ਉਦੇ ਧੀਮਾਨ): ਘੱਟ ਗਿਣਤੀ ਅਤੇ ਦਲਿਤ ਦਲ ਦੀ ਇੱਕ ਅਹਿਮ ਮੀਟਿੰਗ ਜਥੇਬੰਦੀ ਦੇ ਮੁੱਖ ਦਫ਼ਤਰ ਮੋਰਿੰਡਾ ਰੋਡ, ਬੱਸੀ ਪਠਾਣਾਂ ਵਿਖੇ ਘੱਟ ਗਿਣਤੀ ਅਤੇ ਦਲਿਤ ਦਲ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਐੱਸ.ਸੀ. ਵਿੰਗ ਦੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਦਲਿਤ ਸਮਾਜ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੋਂ ਇਲਾਵਾ ਦੇਸ਼ ਅਤੇ ਪੰਜਾਬ ਨਾਲ ਸਬੰਧਤ ਵੱਖ-ਵੱਖ ਭਖਦੇ ਮਸਲਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਵੇਲ ਸਿੰਘ ਮਾਧੋਪੁਰ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਦਿਨਾਂ ਦੌਰਾਨ ਵਾਪਰੀਆਂ ਘਟਨਾਵਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਜਿਸ ਪਾਰਟੀ ਨੇ ਪਿਛਲੀਆਂ ਸਰਕਾਰਾਂ ਦੇ ਨੁਮਾਇੰਦਿਆਂ ਤੋਂ ਸਵਾਲ ਪੁੱਛਣ ਲਈ ਪੰਜਾਬ ਦੇ ਲੋਕਾਂ ਨੂੰ ਉਤਸ਼ਾਹਿਤ ਕਰਕੇ ਸੱਤਾ ਹਾਸਲ ਕੀਤੀ ਸੀ, ਅੱਜ ਜਦੋਂ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਉਸ ਦੇ ਨੁਮਾਇੰਦਿਆਂ ਤੋਂ ਸਵਾਲ ਪੁੱਛ ਰਹੇ ਹਨ ਤਾਂ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਤੋਂ ਸਵਾਲ ਪੁੱਛਣਾ ਹਰ ਨਾਗਰਿਕ ਦਾ ਅਧਿਕਾਰ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਤਸ਼ੱਦਦ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਰੋਸ ਪੈਦਾ ਹੋ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਨਸਾਫ਼ ਦੀ ਮੰਗ ਕਰ ਰਹੇ ਲੋਕਾਂ ਦੀ ਆਵਾਜ਼ ਸੁਣੀ ਜਾਵੇ ਅਤੇ ਜੇਕਰ ਕਿਸੇ ਅਧਿਕਾਰੀ ਜਾਂ ਸਬੰਧਤ ਮੰਤਰੀ ਦੀ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਮੀਟਿੰਗ ਦੌਰਾਨ ਤਿੰਨ ਅਹਿਮ ਮਤੇ ਪਾਸ ਕੀਤੇ ਗਏ। ਪਹਿਲੇ ਮਤੇ ਰਾਹੀਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਦੇਸ਼ ਦੇ ਨਾਗਰਿਕਾਂ ਨੂੰ ‘ਵੰਦੇ ਮਾਤਰਮ’ ਗਾਉਣ ਲਈ ਮਜਬੂਰ ਨਾ ਕੀਤਾ ਜਾਵੇ ਅਤੇ ਇਸ ਨੂੰ ਨਾ ਗਾਉਣ ’ਤੇ ਸਜ਼ਾ ਦੀ ਵਿਵਸਥਾ ਵਾਪਸ ਲਈ ਜਾਵੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ‘ਦੇਹਿ ਸ਼ਿਵਾ ਵਰੁ ਮੋਹਿ ਇਹੈ, ਸ਼ੁਭ ਕਰਮਨ ਤੇ ਕਬਹੂੰ ਨ ਟਰੋਂ’ ਨੂੰ ਪੰਜਾਬ ਦਾ ਸੂਬਾਈ ਗੀਤ ਮਾਨਤਾ ਦਿੱਤੀ ਜਾਵੇ। ਦੂਜੇ ਮਤੇ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਭਾਰਤੀ ਸੰਵਿਧਾਨ ਦੇ ਰਚਨਹਾਰੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤਾਂ ਦੀ ਹੋ ਰਹੀ ਬੇਅਦਬੀ ਦੀਆਂ ਘਟਨਾਵਾਂ ਨੂੰ ਤੁਰੰਤ ਰੋਕਿਆ ਜਾਵੇ ਅਤੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਮਤੇ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਐੱਸ.ਸੀ. ਅਤੇ ਬੀ.ਸੀ. ਵਰਗ ਨਾਲ ਸਬੰਧਤ ਖਾਲੀ ਪਈਆਂ ਬੈਕਲਾਗ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ, ਤਾਂ ਜੋ ਇਨ੍ਹਾਂ ਵਰਗਾਂ ਦੇ ਹੱਕਾਂ ਦੀ ਰੱਖਿਆ ਹੋ ਸਕੇ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲ ਸਕਣ। ਇਸ ਮੌਕੇ ਮੁੱਖ ਸਲਾਹਕਾਰ ਭਗਤ ਸਿੰਘ ਪੰਜਕੋਹਾ, ਸੂਬਾ ਜਨਰਲ ਸਕੱਤਰ ਮੇਜਰ ਚਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ, ਮੀਤ ਪ੍ਰਧਾਨ ਭੀਮ ਸਿੰਘ, ਗੁਰਮੀਤ ਸਿੰਘ ਖੇੜੀ, ਜਨਰਲ ਸਕੱਤਰ ਸੁਰਜੀਤ ਸਿੰਘ ਖਾਲਸਪੁਰ, ਪ੍ਰਚਾਰ ਸਕੱਤਰ ਪ੍ਰੇਮ ਸਿੰਘ ਖਾਲਸਾ, ਸਰਕਲ ਪ੍ਰਧਾਨ ਬੱਸੀ ਪਠਾਣਾਂ ਅਮਰਜੀਤ ਸਿੰਘ ਹਾਜੀਪੁਰ, ਸਰਕਲ ਪ੍ਰਧਾਨ ਨੌਂਗਾਵਾਂ ਗੁਰਪਾਲ ਸਿੰਘ, ਸਰਕਲ ਪ੍ਰਧਾਨ ਸੰਘੋਲ ਪ੍ਰੇਮ ਸਿੰਘ, ਸਰਕਲ ਪ੍ਰਧਾਨ ਖੇੜਾ ਜੋਗਾ ਸਿੰਘ ਡੰਘੇੜੀਆਂ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਬੱਸੀ ਪਠਾਣਾਂ ਦੇ ਸਰਕਲ ਪ੍ਰਧਾਨ ਇੰਸਪੈਕਟਰ ਜਸਬੀਰ ਸਿੰਘ, ਗੁਰਵਿੰਦਰ ਸਿੰਘ ਝਾਮਪੁਰ, ਸਾਬਕਾ ਸਰਪੰਚ ਸੰਪੂਰਨ ਸਿੰਘ, ਸਾਬਕਾ ਐੱਮ.ਸੀ. ਸ਼ਾਮ ਲਾਲ ਚੋਪੜਾ, ਗੁਰਮੇਲ ਸਿੰਘ ਕਲੌੜ, ਦਰਸ਼ਨ ਸਿੰਘ ਘੁਮੰਡਗੜ੍ਹ, ਜਥੇਦਾਰ ਜਸਵਿੰਦਰ ਸਿੰਘ, ਬਲਦੇਵ ਸਿੰਘ ਥਾਬਲਾਂ, ਗੁਰਨਾਮ ਸਿੰਘ ਬਹੇੜ, ਜਥੇਦਾਰ ਤਰਲੋਕ ਸਿੰਘ, ਜਥੇਦਾਰ ਬਲਬੀਰ ਸਿੰਘ, ਹਰਬੰਸ ਸਿੰਘ ਬੱਸੀ, ਸੁਰਿੰਦਰ ਸਿੰਘ ਸ਼ਹੀਦਗੜ੍ਹ, ਸੂਬੇਦਾਰ ਗੁਰਮੇਜ ਸਿੰਘ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।