ਖੰਨਾ, 10 ਜੁਲਾਈ (ਪੱਤਰਕਾਰ ਗੁਰਦੀਪ ਸਿੰਘ ਸ਼ਾਹਪੁਰ)ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਧੌਲ ਖੁਰਦ, ਸਬ-ਰਜਿਸਟਰਾਰ ਮਲੌਦ (ਜ਼ਿਲ੍ਹਾ ਲੁਧਿਆਣਾ) ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3,500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਹ ਕਾਰਵਾਈ ਵਿਜੀਲੈਂਸ ਬਿਊਰੋ ਵੱਲੋਂ ਇੱਕ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਅੰਜਾਮ ਦਿੱਤੀ ਗਈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਇਹ ਗ੍ਰਿਫ਼ਤਾਰੀ ਪਿੰਡ ਧੌਲ ਖੁਰਦ, ਥਾਣਾ ਮਲੌਦ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੇ ਮਾਪਿਆਂ ਦੀ ਸਾਲ 2016 ਵਿੱਚ ਮੌਤ ਹੋ ਚੁੱਕੀ ਹੈ ਅਤੇ ਉਸਦੀ ਮਾਤਾ ਦੇ ਨਾਮ ‘ਤੇ ਪਿੰਡ ਵਿੱਚ ਤਿੰਨ ਬਿਸਵੇ ਦਾ ਪਲਾਟ ਦਰਜ ਹੈ, ਜਿਸ ਦਾ ਵਿਰਾਸਤੀ ਇੰਤਕਾਲ ਉਸ ਅਤੇ ਉਸਦੇ ਛੇ ਭੈਣ-ਭਰਾਵਾਂ ਦੇ ਨਾਮ ਹੋਣਾ ਸੀ।ਸ਼ਿਕਾਇਤਕਰਤਾ ਨੇ ਸਾਰੇ ਲੋੜੀਂਦੇ ਦਸਤਾਵੇਜ਼ ਪਟਵਾਰੀ ਨੂੰ ਸੌਂਪ ਦਿੱਤੇ, ਪਰ ਦੋਸ਼ ਹੈ ਕਿ ਇੰਤਕਾਲ ਦਰਜ ਕਰਨ ਦੇ ਬਦਲੇ ਪਟਵਾਰੀ ਨੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਬਾਅਦ ਵਿੱਚ ਬੇਨਤੀ ਕਰਨ ‘ਤੇ ਇਹ ਰਕਮ 3,500 ਰੁਪਏ ਤੱਕ ਤੈਅ ਹੋ ਗਈ। ਇਸ ਦੌਰਾਨ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਦੀ ਆਡੀਓ ਰਿਕਾਰਡਿੰਗ ਵੀ ਕਰ ਲਈ।ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਪੁਸ਼ਟੀ ਹੋਣ ਉਪਰੰਤ ਵਿਜੀਲੈਂਸ ਟੀਮ ਨੇ ਯੋਜਨਾਬੱਧ ਢੰਗ ਨਾਲ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਪਟਵਾਰੀ ਨੂੰ 3,500 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਬਿਊਰੋ ਨੇ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਵਿੱਚ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਲੋੜ ਪੈਣ ‘ਤੇ ਹੋਰ ਤੱਥ ਵੀ ਸਾਹਮਣੇ ਲਿਆਂਦੇ ਜਾਣਗੇ।








