ਧਰਮਕੋਟ 04 ਅਪ੍ਰੈਲ (ਹਰਜੀਤ ਸਿੰਘ ਬਹਿਲ) ਪੰਜਾਬ ਭਰ ਵਿੱਚ ਆੜਤੀਆਂ ਵੱਲੋਂ ਚੱਲ ਰਹੀ ਹੜਤਾਲ ਹੁਣ ਤਪਦਾ ਮਸਲਾ ਬਣਦੀ ਜਾ ਰਹੀ ਹੈ, ਜਿਸ ਨੂੰ ਕਿਸਾਨ ਜਥੇਬੰਦੀਆਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਫਰਮਾਨ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਹਰਬੰਸ ਸਿੰਘ ਬਹਿਰਾਮਕੇ ਅਤੇ ਮੁੱਖ ਪ੍ਰਚਾਰ ਸਕੱਤਰ ਸੁਰਜੀਤ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ।

ਆਗੂਆਂ ਨੇ ਕਿਹਾ ਕਿ ਪੰਜਾਬ ਦੇ ਆੜਤੀ 1 ਅਪ੍ਰੈਲ ਤੋਂ ਮੰਡੀਆਂ ਬੰਦ ਕਰਕੇ ਹੜਤਾਲ ‘ਤੇ ਡਟੇ ਹੋਏ ਹਨ, ਪਰ ਸਰਕਾਰ ਦੇ ਕੰਨਾਂ ‘ਤੇ ਜੂੰ ਤੱਕ ਨਹੀਂ ਰੇਂਗ ਰਹੀ। ਉਨ੍ਹਾਂ ਦੱਸਿਆ ਕਿ ਪਿਛਲੇ ਸੱਤ ਸਾਲਾਂ ਤੋਂ ਆੜਤੀਆਂ ਦੇ ਕਮਿਸ਼ਨ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ, ਜਦਕਿ ਲੇਬਰ, ਮੁਰੰਮਤ ਅਤੇ ਹੋਰ ਖਰਚੇ ਆਸਮਾਨ ਛੂਹ ਰਹੇ ਹਨ।
ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਜ਼ਮੀਨੀ ਹਕੀਕਤ ਤੋਂ ਕੱਟੀ ਹੋਈ ਹੈ ਅਤੇ ਆੜਤੀਆਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਦੇਖਾ ਕੀਤਾ ਜਾ ਰਿਹਾ ਹੈ। “ਜੇਕਰ ਹਾਲਾਤ ਇਹੋ ਜਿਹੇ ਰਹੇ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਵੱਡੇ ਪੱਧਰ ‘ਤੇ ਅੰਦੋਲਨ ਖੜ੍ਹਾ ਕੀਤਾ ਜਾਵੇਗਾ,” ਆਗੂਆਂ ਨੇ ਚੇਤਾਵਨੀ ਦਿੱਤੀ।
ਉਨ੍ਹਾਂ ਨੇ ਸਾਫ਼ ਕੀਤਾ ਕਿ ਭਾਰਤੀ ਕਿਸਾਨ ਯੂਨੀਅਨ ਪੰਜਾਬ ਆੜਤੀਆਂ ਦੇ ਨਾਲ ਮੋਢੇ ਨਾਲ ਮੋਢੇ ਜੋੜ ਕੇ ਖੜੀ ਹੈ ਅਤੇ ਹਰ ਪੜਾਅ ‘ਤੇ ਸਾਂਝੀ ਲੜਾਈ ਲੜੀ ਜਾਵੇਗੀ।







