ਸ਼੍ਰੀ ਮੁਕਤਸਰ ਸਾਹਿਬ, 29 ਅਗਸਤ ()- ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ਼੍ਰੀ ਮੁਕਤਸਰ ਸਾਹਿਬ ਦੇ ਵਸਨੀਕ ਸਮੇਂ ਦੀਆਂ ਸਰਕਾਰਾਂ ਤੇ ਪ੍ਰਸਾਸ਼ਨ ਦੀ ਬੇਰੁੱਖੀ ਕਾਰਨ ਨਰਕ ਭਰੀ ਜਿੰਦਗੀ ਜਿਉਣ ਲਈ ਮਜ਼ਬੂਰ ਹਨ। ਦੱਸ ਦੇਈਏ ਕਿ ਸ਼ੀਵਰੇਜ਼ ਵਿਭਾਗ ਦੀ ਮਾੜੀ ਕਾਰਗੁਜ਼ਾਰੀ ਦੇ ਚੱਲਦਿਆ ਪਿਛਲੇਂ ਲੰਮੇ ਸਮੇਂ ਤੋਂ ਸ਼ਹਿਰ ਦੇ ਲੋਕ ਡੂੰਘਾ ਸੰਤਾਪ ਹੰਢਾਅ ਰਹੇ ਹਨ ਪਰ ਵਿਭਾਗ ਅਤੇ ਸਿਆਸਤਦਾਨਾਂ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕਦੀ। ਜਿਥੇ ਸ਼ਹਿਰ ਦਾ ਹਰੇਕ ਵਾਰਡ ਸੀਵਰੇਜ਼ ਦੇ ਪਾਣੀ ਨਾਲ ਪੀੜ੍ਹਤ ਹੈ, ਉਥੇ ਨਾਰੰਗ ਕਲੌਨੀ ਦੇ ਲੋਕ ਵੀ ਇਸ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ, ਤੇ ਗਲੀਆਂ ਵਿੱਚ ਫੈਲੇ ਸੀਵਰੇਜ਼ ਦੇ ਪਾਣੀ ਕਾਰਨ ਬੱਚੇ, ਬਜ਼ੁਰਗ ਤੇ ਔਰਤਾਂ ਘਰਾਂ ਵਿੱਚ ਕੈਦ ਹੋ ਕੇ ਬੈਠ ਗਏ ਹਨ। ਇਸ ਤੋਂ ਇਲਾਵਾ ਇਸ ਗੰਦੇ ਪਾਣੀ ਵਿਚੋਂ ਪੈਦਾ ਹੋਏ ਮੱਛਰ ਮੱਖੀ ਕਾਰਨ ਲੋਕ ਅਨੇਕਾਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਉਹ ਕਈ ਵਾਰ ਇਸ ਦੀ ਸ਼ਿਕਾਇਤ ਸਬੰਧੀ ਪਬਲਿਕ ਹੈਲਥ ਨੂੰ ਕਰ ਚੁੱਕੇ ਹਨ ਪਰ ਕੋਈ ਸੁਣਵਾਈ ਨਹੀਂ ਹੁੰਦੇ, ਮੁਹੱਲਾ ਨਿਵਾਸੀਆਂ ਦਾ ਕਹਿਣਾ ਹੈ ਕਿ ਹੁਣ ਤਾਂ ਮੁਹੱਲੇ ਦੀ ਹਾਲਤ ਦੇਖ ਕੇ ਇੰਝ ਲੱਗਦਾ ਕਿ ਜਿਵੇਂ ਇਸ ਸ਼ਹਿਰ ਦਾ ਕੋਈ ਵਾਲੀ ਵਾਰਿਸ ਹੀ ਨਹੀਂ ਹੈ। ਇਸ ਮੌਕੇ ਮੁਹੱਲਾ ਨਿਵਾਸੀਆਂ ਨੇ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਨਾਂ ਵਾਅਦਿਆਂ ਦੀ ਫੂਕ ਨਿਕਲ ਚੁੱਕੀ ਹੈ। ਕਿਉਂ ਕਿ ਇਹ ਸਰਕਾਰ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਹੀ ਪੂਰੀਆਂ ਨਹੀਂ ਕਰ ਸਕੀ। ਲੋਕਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਆਹੁਦੇਦਾਂ ਨੇ ਲੋਕਾਂ ਨੂੰ ਬਦਲਾਅ ਦੇ ਨਾਮ ’ਤੇ ਸਿਰਫ਼ ਗੁੰਮਰਾਹ ਕੀਤਾ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਘੱਟੋ ਘੱਟ ਸ਼ਹਿਰ ਦੀ ਪਵਿੱਤਰਤਾਂ ਨੂੰ ਧਿਆਨ ’ਚ ਰੱਖਦੇ ਹੋਏ ਹੀ ਸੀਵਰੇਜ਼ ਦੀ ਸਮੱਸਿਆ ਨੂੰ ਦੂਰ ਕਰ ਦਿੱਤਾ ਜਾਵੇ।






