ਸ਼੍ਰੀ ਮੁਕਤਸਰ ਸਾਹਿਬ, 01 ਸਤੰਬਰ ()- ਇੰਨ੍ਹੀ ਦਿਨੀਂ ਅੱਧੇ ਤੋਂ ਜ਼ਿਆਦਾ ਪੰਜਾਬ ਕੁਦਰਤੀ ਆਫਤ ਦੇ ਚੱਲਦਿਆ ਹੜ੍ਹਾਂ ਦੀ ਮਾਰ ਹੇਠ ਆ ਚੁੱਕਾ ਹੈ, ਤੇ ਹੁਣ ਲੋਕਾਂ ਨੇ ਸੂਬਾ ਸਰਕਾਰ ਤੋਂ ਮੱਦਦ ਦੀ ਆਸ ਉਮੀਦ ਛੱਡ ਦਿੱਤੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਹੜ੍ਹ ਪੀੜ੍ਹਤਾਂ ਦੀ ਮੱਦਦ ਕਰਨ ਲਈ ਕਈ ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਹੁਣ ਸਿਰਫ ਬਿਆਨਬਾਜ਼ੀ ਨਾਲ ਗੱਲ ਨਹੀਂ ਬਣਨੀ ਕਿਉਂ ਹੜ੍ਹਾਂ ਦੇ ਕਾਰਨ ਪੰਜਾਬ ਦੇ ਲੋਕ ਵੱਡੇ ਸੰਕਟ ਦਾ ਸਾਹਮਣਾ ਕਰ ਰਹੇ ਹਨ, ਉਨ੍ਹਾਂ ਸੂਬਾ ਸਰਕਾਰ ਨੂੰ ਹੜ੍ਹ ਪੀੜ੍ਹਤਾਂ ਨੂੰ ਵੱਡੇ ਪੱਧਰ ’ਤੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਤੀ ਅਪੀਲ
ਇਸ ਮੌਕੇ ਹਨੀ ਫੱਤਣਵਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਚੀਨ ਅਤੇ ਜਪਾਨ ਜਿਹੇ ਦੇਸ਼ਾਂ ਦਾ ਦੌਰਾ ਰੱਦ ਕਰਕੇ ਪੂਰੇ ਭਾਰਤ ਨੂੰ ਅਨਾਜ਼ ਮੁਹੱਈਆ ਕਰਾਉਣ ਵਾਲੇ ਸੂਬੇ ਅੰਦਰ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਹੇ ਕਿਸਾਨਾਂ ਤੇ ਆਮ ਲੋਕਾਂ ਦੀ ਸਾਰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਮਾਰ ਕਾਰਨ ਪੰਜਾਬ ਦਾ ਲਗਭਗ 1200 ਪਿੰਡ ਪ੍ਰਭਾਵਿਤ ਹੋ ਚੁੱਕੇ ਹਨ, ਪਸ਼ੂ ਧੰਨ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਤੇ ਉਨ੍ਹਾਂ ਦੇ ਰਹਿਣ ਬਸੇਰੇ ਹੜ੍ਹਾਂ ਦੇ ਪਾਣੀ ’ਚ ਵਹਿ ਚੁੱਕੇ ਹਨ। ਹਨੀ ਫੱਤਣਵਾਲਾ ਨੇ ਕਿਹਾ ਕਿ ਝੋਨੇ ਆਦਿ ਦੀ ਫਸਲ ਤਬਾਹ ਹੋ ਚੁੱਕੀ ਹੈ ਤੇ ਆਉਣ ਵਾਲੇ ਹਾੜ੍ਹੀ ਦੇ ਸੀਜਨ ਲਈ ਵੀ ਖੇਤ ਤਿਆਰ ਨਹੀਂ ਹੋਣਗੇ। ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਸਥਿਤੀ ਦਾ ਸਾਹਮਣਾ ਕਰਨਾ ਪਵੇਗਾ। ਹਨੀ ਫੱਤਣਵਾਲਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ’ਚ ਹੜ੍ਹ ਪੀੜ੍ਹਤ ਲੋਕਾਂ ਦੀ ਮੱਦਦ ਲਈ ਕਿਸਾਨਾਂ ਨੂੰ ਘੱਟੋ ਘੱਟ ਇੱਕ ਲੱਖ ਰੁਪਏ ਪ੍ਰਤਿ ਏਕੜ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇ ਕਿਉਂਕਿ ਉਕਤਾਂਨ ਕਿਸਾਨਾਂ ਦੀਆਂ ਦੋਵੇਂ ਫਸਲਾਂ ਤਬਾਹ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਦੇ ਘਰ ਢਹਿ ਚੁੱਕੇ ਹਨ, ਉਨ੍ਹਾਂ ਨੂੰ ਘੱਟ ਤੋਂ ਘੱਟ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਤੇ ਜਿਨ੍ਹਾਂ ਲੋਕਾਂ ਦੇ ਪਸ਼ੂ ਧੰਨ ਦਾ ਵੱਡਾ ਨੁਕਸਾਨ ਹੋਇਆ ਉਨ੍ਹਾਂ ਨੂੰ ਘੱਟੋ ਘੱਟ ਇੱਕ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।
ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕੀਤਾ ਧੰਨਵਾਦ
ਜਗਜੀਤ ਸਿੰਘ ਹਨੀ ਫੱਤਣ ਵਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਵੱਲੋਂ ਸਤਾ ਵਿੱਚ ਨਾ ਹੋਣ ਦੇ ਬਾਵਜੂਦ ਵੀ ਬਿਨਾਂ ਸਵਾਰਥ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਦੌਰੇ ਦੌਰਾਨ ਰਾਸ਼ਨ ਦੇ ਨਾਲ-ਨਾਲ ਦੁਧਾਰੂ ਪਸ਼ੂਆਂ ਲਈ ਚਾਰਾ, ਪਾਣੀ ਦੀ ਨਿਕਾਸੀ ਲਈ ਇੰਜਨ, ਡੀਜ਼ਲ, ਪਾਈਪਾਂ, ਦਵਾਈਆਂ, ਕਿਸ਼ਤੀਆਂ ਤੇ ਹੋਰ ਲੋੜੀਂਦਾ ਸਮਾਨ ਵੀ ਵੰਡਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼ੋਮਣੀ ਅਕਾਲੀ ਦਲ ਦੇ ਹਰੇਕ ਵਰਕਰ ਨੂੰ ਹੜ੍ਹ ਪ੍ਰਭਵਿਤ ਪਿੰਡਾਂ ’ਚ ਲੋਕਾਂ ਦੀ ਮੱਦਦ ਕਰਨ ਲਈ ਹਰ ਸਮੇਂ ਤੱਤਪਰ ਰਹਿਣ ਦੇ ਹੁਕਮ ਕੀਤੇ ਹਨ।






