ਸ੍ਰੀ ਕੀਰਤਪੁਰ ਸਾਹਿਬ, 8 ਜੁਲਾਈ (ਮਨਦੀਪ) ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਪ੍ਰਧਾਨ, ਉਪ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਦੀ ਚੋਣ ਅੱਜ ਸ਼ਾਂਤੀਪੂਰਨ ਮਾਹੌਲ ਵਿੱਚ ਸੰਪੰਨ ਹੋਈ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਦੀ ਹਾਜ਼ਰੀ ਵਿੱਚ ਗੁਰਮੀਤ ਸਿੰਘ ਟੀਨਾ ਨੂੰ ਨਗਰ ਪੰਚਾਇਤ ਦਾ ਪ੍ਰਧਾਨ, ਸ਼੍ਰੀਮਤੀ ਹਰਪਿੰਦਰ ਕੌਰ ਨੂੰ ਉਪ ਪ੍ਰਧਾਨ ਅਤੇ ਗੁਰਨਾਮ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਮੌਕੇ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਦੀਆਂ ਤਿੰਨੋਂ ਨਗਰ ਕੌਂਸਲਾਂ ‘ਤੇ ਆਮ ਆਦਮੀ ਪਾਰਟੀ ਦਾ ਭਰੋਸਾ ਕਾਇਮ ਹੋਇਆ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਪੱਖਪਾਤ ਦੇ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਤਿੰਨਾਂ ਕੌਂਸਲਾਂ ਵਿੱਚ ਵਿਕਾਸ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਗੁਰੂਆਂ ਅਤੇ ਪੀਰਾਂ ਦੀ ਪਾਵਨ ਧਰਤੀ ਹੈ, ਜਿੱਥੇ ਦੋ ਗੁਰੂ ਸਾਹਿਬਾਨ ਦਾ ਪ੍ਰਕਾਸ਼ ਹੋਇਆ। ਇਸ ਇਤਿਹਾਸਕ ਸ਼ਹਿਰ ਵਿੱਚ ਜਲਦ ਹੀ 10 ਬੈੱਡਾਂ ਵਾਲਾ ਹਸਪਤਾਲ ਅਤੇ 24 ਘੰਟੇ ਐਮਰਜੈਂਸੀ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਇੱਕ ਨਮੂਨੇ ਦਾ ਸਰਕਾਰੀ ਸਕੂਲ ਤਿਆਰ ਕੀਤਾ ਜਾਵੇਗਾ, ਜਿਸ ਨਾਲ ਸਿੱਖਿਆ ਦਾ ਪੱਧਰ ਇੰਨਾ ਉੱਚਾ ਹੋਵੇਗਾ ਕਿ ਵੱਡੇ-ਵੱਡੇ ਪ੍ਰਾਈਵੇਟ ਸਕੂਲ ਵੀ ਪਿੱਛੇ ਰਹਿ ਜਾਣਗੇ। ਇਸ ਉਪਰੰਤ ਹਰਜੋਤ ਸਿੰਘ ਬੈਂਸ ਨੇ ਨਵੇਂ ਚੁਣੇ ਗਏ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੂੰ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ‘ਤੇ ਜਤਾਏ ਗਏ ਵਿਸ਼ਵਾਸ ਲਈ ਉਹ ਹਮੇਸ਼ਾ ਆਮ ਆਦਮੀ ਪਾਰਟੀ ਦੇ ਰਿਣੀ ਰਹਿਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਸ਼ਹਿਰ ਦੇ ਸਰਵਪੱਖੀ ਵਿਕਾਸ, ਸਫ਼ਾਈ, ਬੁਨਿਆਦੀ ਸਹੂਲਤਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇਣਗੇ ਅਤੇ ਹਰ ਵਰਗ ਨੂੰ ਨਾਲ ਲੈ ਕੇ ਕੰਮ ਕਰਨਗੇ। ਚੋਣ ਨਤੀਜੇ ਆਉਣ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਢੋਲ ਵਜਾ ਕੇ ਖੁਸ਼ੀ ਮਨਾਈ। ਵਰਕਰਾਂ ਨੇ ਕਿਹਾ ਕਿ ਗੁਰਮੀਤ ਸਿੰਘ ਟੀਨਾ ਇੱਕ ਸਾਫ਼-ਸੁਥਰੀ ਛਵੀ ਵਾਲੇ ਆਗੂ ਹਨ, ਜੋ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਹਮੇਸ਼ਾ ਵੱਧ-ਚੜ੍ਹ ਕੇ ਸੇਵਾ ਕਰਦੇ ਰਹੇ ਹਨ। ਉਨ੍ਹਾਂ ਦੇ ਪ੍ਰਧਾਨ ਬਣਨ ਨਾਲ ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ। ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਪੂਰੀ ਚੋਣ ਕਾਰਵਾਈ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਕਰਵਾਈ ਗਈ। ਇਸ ਦੌਰਾਨ ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਸੁਖਵਾਲ ਸਿੰਘ, ਪ੍ਰਸ਼ਾਸਨਿਕ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਰਹੇ। ਇਸ ਮੌਕੇ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਚੇਅਰਮੈਨ ਕਮਿਕਰ ਸਿੰਘ ਡਾਡੀ, ਗੁਰਪ੍ਰੀਤ ਸਿੰਘ ਅਰੋੜਾ, ਸਾਬਕਾ ਸਰਪੰਚ ਕਸ਼ਮੀਰਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਸ਼ਹਿਰ ਵਾਸੀ ਹਾਜ਼ਰ ਸਨ। ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਜੇਤੂ ਕੌਂਸਲਰਾਂ ਵਿੱਚ ਮੈਡਮ ਹੀਨਾ ਟੰਡਨ, ਰਜਨੀਸ਼ ਜੋਸ਼ੀ, ਭੁਪਿੰਦਰ ਕੌਰ, ਤਲਵਿੰਦਰ ਸਿੰਘ, ਨੀਲਮ, ਰਣਵੀਰ ਕੌਰ, ਨਰੇਸ਼ ਕੁਮਾਰੀ, ਗੁਰਮੀਤ ਸਿੰਘ ਟੀਨਾ, ਹਰਪਿੰਦਰ ਕੌਰ ਅਤੇ ਜਗਤਾਰ ਸਿੰਘ ਸੈਣੀ ਸ਼ਾਮਲ ਹਨ। ਸਮਾਗਮ ਦੌਰਾਨ ਸਾਰੇ ਜੇਤੂ ਕੌਂਸਲਰਾਂ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।