ਬੱਸੀ ਪਠਾਣਾ, 31 ਜੁਲਾਈ (ਉਦੇ ਧੀਮਾਨ): ਫੈਡਰੇਸ਼ਨ ਆਫ ਆੜ੍ਹਤੀ ਐਸੋਸੀਏਸ਼ਨ ਬੱਸੀ ਪਠਾਣਾਂ ਦਾ ਇਕ ਵਫਤ ਐਸੋਸੀਏਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਅਤੇ ਬੱਸੀ ਮੰਡੀ ਪ੍ਰਧਾਨ ਹਰਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮਿਲਿਆ। ਆੜ੍ਹਤੀਆਂ ਵਫ਼ਦ ਵੱਲੋਂ ਆੜ੍ਹਤੀਆਂ ਨੂੰ ਬੱਸੀ ਪਠਾਣਾਂ ਮੰਡੀ ਵਿੱਚ ਅਲਾਟ ਕੀਤੇ ਗਏ ਪਲਾਟਾਂ ’ਤੇ ਲਗੇ ਵਾਧੂ ਖਰਚਿਆਂ ਵਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਕੀਤੀ ਕਿ ਇਨ੍ਹਾਂ ਵਾਧੂ ਖਰਚਿਆਂ ਤੋਂ ਆੜ੍ਹਤੀਆਂ ਨੂੰ ਰਾਹਤ ਦਿਵਾਉਣ ਲਈ ਯੋਗ ਕਦਮ ਚੁੱਕੇ ਜਾਣ ਅਤੇ ਇਸ ਮਸਲੇ ਦਾ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਆੜ੍ਹਤੀ ਕਿਸਾਨਾਂ ਅਤੇ ਮੰਡੀ ਪ੍ਰਬੰਧਨ ਵਿਚਕਾਰ ਅਹਿਮ ਕੜੀ ਵਜੋਂ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ। ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ’ਤੇ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰ ਕਰਨਾ ਲਾਜ਼ਮੀ ਹੈ। ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆੜਤੀਆ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਮਸਲਿਆਂ ਦੇ ਹੱਲ ਲਈ ਜਲਦ ਉਚਿਤ ਕਾਰਵਾਈ ਕੀਤੀ ਜਾਵੇਗੀ। ਵਫ਼ਦ ਨੇ ਮੰਤਰੀ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਸਰਕਾਰ ਆੜ੍ਹਤੀ ਭਾਈਚਾਰੇ ਦੀਆਂ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਵਿਸੇਸ਼ ਤੌਰ ਤੇ ਆਮ ਆਦਮੀ ਪਾਰਟੀ ਐਸੀ ਵਿੰਗ ਪੰਜਾਬ ਦੇ ਪ੍ਰਧਾਨ ਤੇ ਹਲਕਾ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਅਤੇ ਆੜ੍ਹਤੀ ਵੇਦ ਪ੍ਰਕਾਸ਼,ਰਾਜੀਵ ਕੁਮਾਰ ਸਿੰਗਲਾ, ਵਿਸ਼ਾਲ ਗੁਪਤਾ, ਕੁਲਵਿੰਦਰ ਸਿੰਘ, ਹਰਵਿੰਦਰ ਸਿੰਘ ਧਾਲੀਵਾਲ, ਸੁਭਾਂਸ਼ੁ ਗੁਪਤਾ ਹਾਜ਼ਰ ਸਨ।






