ਜੰਡਿਆਲਾ ਗੁਰੂ/ਅੰਮ੍ਰਿਤਸਰ, 12 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ–ਵੈਰੋਵਾਲ ਰੋਡ ਤੋਂ ਪੱਖੋਕੇ ਵਾਇਆ ਦਰਗਾਹ ਬਾਬਾ ਸ਼ੇਖ ਫੱਤਾ ਜੀ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦੀ ਰਸਮੀ ਸ਼ੁਰੂਆਤ ਕੀਤੀ। ਇਸ ਸੜਕ ਦੀ ਕੁੱਲ ਲੰਬਾਈ 6.55 ਕਿਲੋਮੀਟਰ, ਚੌੜਾਈ 10 ਫੁੱਟ ਹੈ। ਇਸ ਪ੍ਰੋਜੈਕਟ ‘ਤੇ 182.67 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਕੰਮ ਨੂੰ 6 ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ। ਇਹ ਹੈ ਸੰਪਰਕ ਸੜਕ ਪੰਜਾਬ ਮੰਡੀ ਬੋਰਡ, ਜ਼ਿਲ੍ਹਾ ਤਰਨ ਤਾਰਨ (ਮਾਰਕੀਟ ਕਮੇਟੀ ਤਰਨ ਤਾਰਨ) ਅਧੀਨ ਆਉਂਦੀ ਹੈ। ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਸੜਕ ਦੀ ਮੁਰੰਮਤ ਨਾਲ ਇਲਾਕੇ ਦੇ ਹਜ਼ਾਰਾਂ ਵਸਨੀਕਾਂ, ਕਿਸਾਨਾਂ ਅਤੇ ਰਾਹਗੀਰਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਚੰਗੀਆਂ ਸੜਕਾਂ ਕਿਸੇ ਵੀ ਖੇਤਰ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਦੀ ਮਜ਼ਬੂਤ ਨੀਂਹ ਹੁੰਦੀਆਂ ਹਨ ਅਤੇ ਸੂਬਾ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਕ ਉਪਰਾਲੇ ਕੀਤੇ ਹਨ। ਅੱਜ ਪੰਜਾਬ ਦੇ ਹਰ ਖੇਤਰ ਵਿੱਚ ਬਿਨਾਂ ਕਿਸੇ ਪੱਖਪਾਤ ਅਤੇ ਰੁਕਾਵਟ ਦੇ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਦਾ ਸਿੱਧਾ ਲਾਭ ਮਿਲ ਰਿਹਾ ਹੈ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਮਾਮਲੇ ਵਿੱਚ ਪੰਜਾਬ ਅੱਜ ਦੇਸ਼ ਦੇ ਮੋਹਰੀ ਰਾਜਾਂ ਵਿੱਚ ਆਪਣੀ ਵੱਖਰੀ ਪਛਾਣ ਬਣਾ ਰਿਹਾ ਹੈ। ਸੜਕਾਂ, ਪੁਲਾਂ ਅਤੇ ਹੋਰ ਵਿਕਾਸ ਕਾਰਜਾਂ ਰਾਹੀਂ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਸਾਲਾਂ ਤੱਕ ਜੰਡਿਆਲਾ ਗੁਰੂ ਹਲਕੇ ਨੂੰ ਅਣਗੌਲਿਆ ਰੱਖਿਆ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਲਕੇ ਵਿੱਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਗਿਆ ਹੈ। ਅੱਜ ਜੰਡਿਆਲਾ ਗੁਰੂ ਵਿਕਾਸ ਦੇ ਮਾਮਲੇ ਵਿੱਚ ਸੂਬੇ ਦੇ ਮੋਹਰੀ ਹਲਕਿਆਂ ਵਿੱਚ ਆਪਣਾ ਸਥਾਨ ਬਣਾ ਚੁੱਕਾ ਹੈ। ਲੋਕ ਨਿਰਮਾਣ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਸੜਕ ਦਾ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।






