ਰੂਪਨਗਰ, 12 ਜੁਲਾਈ ( ਦਲਜੀਤ ਚਨੋਲੀ) :ਨੌਜਵਾਨ ਸਸ਼ਕਤੀਕਰਨ ਪਹਿਲ ਤਹਿਤ ਆਈਏਐਸ ਅਤੇ ਪੀਸੀਐਸ ਦੀ ਮੁਫ਼ਤ ਕੋਚਿੰਗ ਲਈ ਸਰਕਾਰੀ ਪੌਲੀਟੈਕਨਿਕ ਕਾਲਜ, ਰੂਪਨਗਰ ਵਿਖੇ ਅੱਜ ਦੂਜੇ ਦਿਨ ਦੂਜੇ ਬੈਚ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਹਲਕਾ ਰੂਪਨਗਰ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਲੜਕੇ ਅਤੇ ਲੜਕੀਆਂ ਕੋਚਿੰਗ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਦੂਜੇ ਦਿਨ ਵੀ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਨੌਜਵਾਨਾਂ ਨਾਲ ਰੂਬਰੂ ਗੱਲਬਾਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨਾਲ ਸਿੱਖਿਆ, ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ, ਸਮਾਜਿਕ ਜ਼ਿੰਮੇਵਾਰੀਆਂ ਅਤੇ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਲੋੜੀਂਦੇ ਵੱਖ-ਵੱਖ ਵਿਦਿਅਕ ਅਤੇ ਸਮਾਜਿਕ ਨੁਕਤੇ ਸਾਂਝੇ ਕੀਤੇ। ਉਨ੍ਹਾਂ ਨੌਜਵਾਨਾਂ ਨੂੰ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਨਿਰੰਤਰ ਮਿਹਨਤ ਨਾਲ ਆਪਣੇ ਟੀਚਿਆਂ ਵੱਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਏਈਐਸ ਤੋਂ ਅਭਿਸ਼ੇਕ ਕੁਮਾਰ ਦੇ ਸਹਿਯੋਗ ਨਾਲ ਜਿਸ ਸੋਚ ਅਤੇ ਉਦੇਸ਼ ਨੂੰ ਲੈ ਕੇ ਇਹ ਮੁਫ਼ਤ ਕੋਚਿੰਗ ਸ਼ੁਰੂ ਕੀਤੀ ਗਈ ਹੈ, ਉਸ ਦਾ ਇੱਕੋ-ਇੱਕ ਮਕਸਦ ਇਹ ਹੈ ਕਿ ਵੱਧ ਤੋਂ ਵੱਧ ਨੌਜਵਾਨ ਲੜਕੇ ਅਤੇ ਲੜਕੀਆਂ ਦੇਸ਼ ਦੀਆਂ ਸਭ ਤੋਂ ਉੱਚ ਪੱਧਰੀ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਕੇ ਆਪਣੇ ਸੁਪਨੇ ਸਾਕਾਰ ਕਰ ਸਕਣ। ਉਨ੍ਹਾਂ ਕਿਹਾ ਕਿ ਕੋਚਿੰਗ ਦੌਰਾਨ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀਆਂ ਲੋੜੀਂਦੀਆਂ ਸਹੂਲਤਾਂ ਅਤੇ ਮਾਹਿਰਾਂ ਦਾ ਮਾਰਗਦਰਸ਼ਨ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕ ਚੱਢਾ ਨੇ ਦੱਸਿਆ ਕਿ ਜਦੋਂ ਇਸ ਉਪਰਾਲੇ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਉਮੀਦ ਸੀ ਕਿ ਲਗਭਗ 20 ਤੋਂ 25 ਵਿਦਿਆਰਥੀ ਇਸ ਦਾ ਲਾਭ ਲੈਣਗੇ, ਪਰ ਨੌਜਵਾਨਾਂ ਦੇ ਭਰਵੇਂ ਹੁੰਗਾਰੇ ਕਾਰਨ ਹੁਣ ਤੱਕ 125 ਦੇ ਕਰੀਬ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵੱਲੋਂ ਮਿਲੇ ਇਸ ਪਿਆਰ ਅਤੇ ਭਰੋਸੇ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਅੱਗੇ ਵਧਣ ਦਾ ਜਜ਼ਬਾ ਮੌਜੂਦ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਉਪਰਾਲਾ ਆਉਣ ਵਾਲੇ ਸਮੇਂ ਵਿੱਚ ਸਾਰਥਕ ਅਤੇ ਸਫ਼ਲ ਨਤੀਜੇ ਦੇਵੇਗਾ ਅਤੇ ਇੱਥੋਂ ਤਿਆਰੀ ਕਰਨ ਵਾਲੇ ਵਿਦਿਆਰਥੀ ਉੱਚ ਪ੍ਰਸ਼ਾਸਕੀ ਅਹੁਦਿਆਂ ‘ਤੇ ਪਹੁੰਚ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਸਮਾਗਮ ਦੌਰਾਨ ਮੌਜੂਦ ਨੌਜਵਾਨਾਂ ਨੇ ਵੀ ਇਸ ਮੁਫ਼ਤ ਕੋਚਿੰਗ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹਾ ਮਾਰਗਦਰਸ਼ਨ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ ਅਤੇ ਇਸ ਨਾਲ ਆਰਥਿਕ ਤੌਰ ‘ਤੇ ਕਠਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਵੱਡੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਦਾ ਮੌਕਾ ਮਿਲੇਗਾ। ਇਸ ਮੌਕੇ ਪ੍ਰਿੰਸੀਪਲ ਡਾਕਟਰ ਨਵਨੀਤ ਵਾਲੀਆ ਸਾਹਿਤ ਹੋਰ ਵੱਖ ਵੱਖ ਸਟਾਰ ਮੈਂਬਰ ਹਾਜਰ ਸਨ।ਫੋਟੋ ਕੈਪਸ਼ਨ: ਨੌਜਵਾਨ ਲੜਕੇ ਲੜਕੀਆਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਚੱਢਾ ਅਤੇ ਵੱਡੀ ਗਿਣਤੀ ਚ ਪਹੁੰਚੇ ਹੋਏ ਵਿਦਿਆਰਥੀ






