ਸਮਰਾਲਾ, 14 ਜੁਲਾਈ ( ਮੁਕੇਸ਼ ਵਰਮਾ)ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਵਿੱਚ ਵਿਦਿਆਰਥੀਆਂ ਦੀ ਬੌਧਿਕ ਸਮਰੱਥਾ ਅਤੇ ਵਿਸ਼ਿਆਂ ਪ੍ਰਤੀ ਡੂੰਘੀ ਸਮਝ ਨੂੰ ਵਿਕਸਿਤ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਕਵਿਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਅੰਗਰੇਜ਼ੀ, ਗਣਿਤ, ਵਿਗਿਆਨ, ਪੰਜਾਬੀ, ਸਮਾਜਿਕ ਅਧਿਐਨ, ਭੌਤਿਕ ਵਿਗਿਆਨ ਅਤੇ ਵਪਾਰਕ ਅਧਿਐਨ ਸਮੇਤ ਕਈ ਵਿਸ਼ਿਆਂ ਨਾਲ ਸੰਬੰਧਿਤ ਪ੍ਰਸ਼ਨ ਸ਼ਾਮਲ ਕੀਤੇ ਗਏ। ਸਕੂਲ ਦੀ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਕਿਹਾ ਕਿ ਅਜਿਹੇ ਕਵਿਜ਼ ਮੁਕਾਬਲੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਵਿਸ਼ਿਆਂ ਪ੍ਰਤੀ ਡੂੰਘੀ ਸਮਝ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀ ਪ੍ਰੀਖਿਆਵਾਂ ਲਈ ਵੀ ਬਿਹਤਰ ਢੰਗ ਨਾਲ ਤਿਆਰ ਹੋ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਅਜਿਹੀਆਂ ਗਤੀਵਿਧੀਆਂ ਟੀਮ ਵਰਕ ਦੀ ਭਾਵਨਾ ਅਤੇ ਪੜ੍ਹਾਈ ਪ੍ਰਤੀ ਰੁਚੀ ਨੂੰ ਵੀ ਉਤਸ਼ਾਹਿਤ ਕਰਦੀਆਂ ਹਨ। ਕਵਿਜ਼ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਸਵਾਲਾਂ ਦੇ ਸਹੀ ਅਤੇ ਤੇਜ਼ ਜਵਾਬ ਦੇ ਕੇ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਦੀ ਇਸ ਪਹਿਲ ਦੀ ਭਰਪੂਰ ਸ਼ਲਾਘਾ ਕੀਤੀ। ਵਿਦਿਆਰਥੀਆਂ ਨੇ ਕਿਹਾ ਕਿ ਇਸ ਕਵਿਜ਼ ਨੇ ਉਨ੍ਹਾਂ ਨੂੰ ਨਵੇਂ ਢੰਗ ਨਾਲ ਸੋਚਣ ਲਈ ਪ੍ਰੇਰਿਤ ਕੀਤਾ ਅਤੇ ਵਿਸ਼ਿਆਂ ਬਾਰੇ ਉਨ੍ਹਾਂ ਦੀ ਸਮਝ ਹੋਰ ਮਜ਼ਬੂਤ ਬਣਾਈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਅਕਾਦਮਿਕ ਮੁਕਾਬਲੇ ਵਿਦਿਆਰਥੀਆਂ ਦੀ ਯਾਦਸ਼ਕਤੀ, ਤਰਕਸ਼ੀਲ ਸੋਚ ਅਤੇ ਸਮੱਸਿਆ ਹੱਲ ਕਰਨ ਦੀ ਸਮਰੱਥਾ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਗਿਆਨਵਰਧਕ ਅਤੇ ਰਚਨਾਤਮਕ ਪ੍ਰੋਗਰਾਮ ਨਿਯਮਿਤ ਤੌਰ ‘ਤੇ ਕਰਵਾਏ ਜਾਂਦੇ ਰਹਿਣਗੇ। ਅੰਤ ਵਿੱਚ ਡਾ. ਪੂਨਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਅਜਿਹੇ ਸਿੱਖਿਆਤਮਕ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ, ਆਪਣੇ ਗਿਆਨ ਵਿੱਚ ਨਿਰੰਤਰ ਵਾਧਾ ਕਰਨ ਅਤੇ ਜੀਵਨ ਵਿੱਚ ਨਵੇਂ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ, ਤਾਂ ਜੋ ਉਹ ਭਵਿੱਖ ਦੀਆਂ ਚੁਣੌਤੀਆਂ ਦਾ ਆਤਮ-ਵਿਸ਼ਵਾਸ ਨਾਲ ਸਾਹਮਣਾ ਕਰ ਸਕਣ।




