ਨਰੈਣਗੜ੍ਹ ਨੇੜੇ ਫੈਕਟਰੀ ‘ਤੇ ਪ੍ਰਦੂਸ਼ਣ ਫੈਲਾਉਣ ਦੇ ਦੋਸ਼, ਪਿੰਡ ਵਾਸੀਆਂ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਤਿੰਨ ਅਧਿਕਾਰੀਆਂ ਨੂੰ ਸ਼ਿਕਾਇਤ ਹਵਾ ਤੇ ਪਾਣੀ ਪ੍ਰਦੂਸ਼ਣ ਦੀ ਉੱਚ ਪੱਧਰੀ ਜਾਂਚ, ਕਾਨੂੰਨੀ ਕਾਰਵਾਈ ਅਤੇ ਦੋਸ਼ ਸਾਬਤ ਹੋਣ ‘ਤੇ ਫੈਕਟਰੀ ਦਾ ਸੰਚਾਲਨ ਰੋਕਣ ਦੀ ਮੰਗ

Spread the love
ਖੰਨਾ, 9 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਤਹਿਸੀਲ ਖੰਨਾ ਅਧੀਨ ਪਿੰਡ ਨਰੈਣਗੜ੍ਹ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਵਸਨੀਕਾਂ ਨੇ ਭਗਤ ਪੂਰਨ ਸਿੰਘ ਮਾਰਗ ‘ਤੇ ਸਥਿਤ ਏਸ਼ੀਅਨ ਹਾਈ-ਟੈੱਕ ਇੰਟਰਨੈਸ਼ਨਲ ਫੈਕਟਰੀ ਖ਼ਿਲਾਫ਼ ਹਵਾ ਅਤੇ ਪਾਣੀ ਪ੍ਰਦੂਸ਼ਣ ਫੈਲਾਉਣ ਦੇ ਗੰਭੀਰ ਦੋਸ਼ ਲਗਾਉਂਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ, ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਐਸ.ਡੀ.ਐਮ. ਖੰਨਾ ਨੂੰ ਵਿਸਥਾਰਪੂਰਵਕ ਸ਼ਿਕਾਇਤ ਭੇਜੀ ਹੈ। ਸ਼ਿਕਾਇਤ ਵਿੱਚ ਫੈਕਟਰੀ ਦੀ ਤੁਰੰਤ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾਵਾਂ ਦਾ ਦਾਅਵਾ ਹੈ ਕਿ ਫੈਕਟਰੀ ਵਿੱਚ ਪਿਛਲੇ ਕਈ ਸਾਲਾਂ ਤੋਂ ਪੁਰਾਣੇ ਰਬੜ ਦੇ ਟਾਇਰਾਂ ਦੀ ਪ੍ਰੋਸੈਸਿੰਗ ਕੀਤੀ ਜਾਂਦੀ ਹੈ ਅਤੇ ਰਾਤ ਦੇ ਸਮੇਂ ਟਾਇਰ ਸਾੜੇ ਜਾਣ ਕਾਰਨ ਜ਼ਹਿਰੀਲਾ ਧੂੰਆਂ ਅਤੇ ਤਿੱਖੀ ਬਦਬੂ ਫੈਲਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ, ਖ਼ਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਪਸ਼ੂ-ਪੰਛੀਆਂ ਦੀ ਸਿਹਤ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਫੈਕਟਰੀ ਵਿੱਚੋਂ ਨਿਕਲਣ ਵਾਲੇ ਕੈਮੀਕਲ ਯੁਕਤ ਪਾਣੀ ਦੇ ਨਿਕਾਸ ਦਾ ਉਚਿਤ ਪ੍ਰਬੰਧ ਨਹੀਂ ਹੈ, ਜਿਸ ਕਾਰਨ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ। ਪਿੰਡ ਵਾਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਤਾਂ ਇਸ ਦੇ ਗੰਭੀਰ ਨਤੀਜੇ ਸਾਹਮਣੇ ਆ ਸਕਦੇ ਹਨ। ਸ਼ਿਕਾਇਤ ਵਿੱਚ 5 ਜੁਲਾਈ 2026 ਦੀ ਇੱਕ ਘਟਨਾ ਦਾ ਵੀ ਜ਼ਿਕਰ ਕੀਤਾ ਗਿਆ ਹੈ। ਸ਼ਿਕਾਇਤਕਰਤਾਵਾਂ ਦੇ ਅਨੁਸਾਰ ਉਸ ਦਿਨ ਫੈਕਟਰੀ ਵਿੱਚੋਂ ਅਚਾਨਕ ਬਹੁਤ ਤੇਜ਼ ਅਤੇ ਤਿੱਖੀ ਬਦਬੂ ਫੈਲ ਗਈ, ਜਿਸ ਕਾਰਨ ਆਲੇ-ਦੁਆਲੇ ਦੇ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆਈ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਘਟਨਾ ਦੌਰਾਨ ਨੇੜਲੇ ਖੇਤਾਂ ਦੀਆਂ ਫ਼ਸਲਾਂ ਅਤੇ ਦਰੱਖਤਾਂ ਨੂੰ ਵੀ ਨੁਕਸਾਨ ਪਹੁੰਚਿਆ। ਵਸਨੀਕਾਂ ਨੇ ਦੋਸ਼ ਲਗਾਇਆ ਹੈ ਕਿ ਫੈਕਟਰੀ ਵਿੱਚ ਵਾਤਾਵਰਣ ਸੁਰੱਖਿਆ ਸਬੰਧੀ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਗੈਰ-ਕਾਨੂੰਨੀ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀਆਂ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਵਾਤਾਵਰਣ ਕਾਨੂੰਨਾਂ ਅਨੁਸਾਰ ਸਖ਼ਤ ਕਾਰਵਾਈ ਕਰਦਿਆਂ ਫੈਕਟਰੀ ਦਾ ਸੰਚਾਲਨ ਰੋਕਣ ਦੀ ਅਪੀਲ ਕੀਤੀ ਹੈ। ਇਸ ਮੌਕੇ ਪਿੰਡ ਨਰੈਣਗੜ੍ਹ ਦੇ ਮਨਪ੍ਰੀਤ ਸਿੰਘ, ਰਾਮ ਚੰਦ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ। ਇਸ ਮਾਮਲੇ ਨੂੰ ਲੈ ਕੇ ਪਿੰਡ ਰੋਹਣੋ ਦੇ ਸਮਾਜ ਸੇਵੀ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਅਤੇ ਕਿਸਾਨ ਮਜ਼ਦੂਰ ਸੰਘਰਸ਼ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਨੇ ਵੀ ਮੁੱਖ ਮੰਤਰੀ ਪੰਜਾਬ ਨੂੰ ਈ-ਮੇਲ ਰਾਹੀਂ ਸ਼ਿਕਾਇਤ ਭੇਜੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦਫ਼ਤਰ ਨੇ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਇਸ ਨੂੰ ਤੁਰੰਤ ਕਾਰਵਾਈ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਭੇਜ ਦਿੱਤਾ ਹੈ। ਡਿਪਟੀ ਕਮਿਸ਼ਨਰ ਨੂੰ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਤੱਥਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾ ਸਕੇ। ਜਦੋਂ ਇਸ ਸਬੰਧੀ ਏਸ਼ੀਅਨ ਹਾਈ-ਟੈੱਕ ਇੰਟਰਨੈਸ਼ਨਲ ਦੇ ਪ੍ਰਤੀਨਿਧੀ ਬਲਵਿੰਦਰ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਫੈਕਟਰੀ ਵਿੱਚ ਨਾ ਤਾਂ ਪਾਣੀ ਪ੍ਰਦੂਸ਼ਿਤ ਕੀਤਾ ਜਾਂਦਾ ਹੈ ਅਤੇ ਨਾ ਹੀ ਵਾਤਾਵਰਣ ਨੂੰ ਕੋਈ ਨੁਕਸਾਨ ਪਹੁੰਚਾਇਆ ਜਾਂਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਫੈਕਟਰੀ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਪਿੰਡ ਵਾਸੀਆਂ ਵੱਲੋਂ ਲਗਾਏ ਗਏ ਦੋਸ਼ ਬੇਬੁਨਿਆਦ ਅਤੇ ਝੂਠੇ ਹਨ।
  • Related Posts

    ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਬੀ ਐਲ ਓਜ ਨਾਲ ਪੂਰਨ ਸਹਿਯੋਗ ਦੀ ਅਪੀਲ  ਚੋਣ ਅਮਲੇ ਨਾਲ ਦੁਰਵਿਵਹਾਰ ਨਾ ਬਰਦਾਸ਼ਤਯੋਗ 

    Spread the love

    Spread the loveਕਪੂਰਥਲਾ , 9 ਜੁਲਾਈ ( ਕੌੜਾ )- ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੋਣ ਹਲਕਾ ਸੁਲਤਾਨਪੁਰ ਲੋਧੀ ਵਿਖੇ ਵੋਟਰ…

    ਆਨੰਦ ਪਾਰਕ ਚ ਲੱਗੇ ਰਾਸ਼ਟਰੀ ਝੰਡੇ ਨੂੰ ਬਦਲਿਆ ਜਾਵੇ: ਪੰਡਿਤ ਰਾਕੇਸ਼ ਸ਼ਰਮਾ 

    Spread the love

    Spread the love ਅੰਮ੍ਰਿਤਸਰ 9 ਜੁਲਾਈ    (ਮਨਜੀਤ ਸਿੰਘ ਸ਼ੇਰਗਿੱਲ    ) ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਪੰਡਿਤ ਰਾਕੇਸ਼ ਸ਼ਰਮਾ ਨੇ ਪ੍ਰਸ਼ਾਸਨ ਅਤੇ ਡਿਪਟੀ ਕਮਿਸ਼ਨਰ ਨੂੰ ਬੇਨਤੀ ਕੀਤੀ ਹੈ…

    Leave a Reply

    Your email address will not be published. Required fields are marked *