ਸ਼੍ਰੀ ਕੀਰਤਪੁਰ ਸਾਹਿਬ, 31 ਜੁਲਾਈ,(ਮਨਦੀਪ)=ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਪੰਜਾਬ ਰਾਹੀਂ 14 ਸਾਲ ਦੀ ਉਮਰ ਪੂਰੀ ਕਰ ਚੁੱਕੀਆਂ ਅਤੇ ਅਜੇ 15 ਸਾਲ ਦੀ ਉਮਰ ਪੂਰੀ ਨਾ ਕਰਨ ਵਾਲੀਆਂ ਬੱਚੀਆਂ ਨੂੰ ਐਚਪੀਵੀ ਵੈਕਸੀਨ ਮੁਫ਼ਤ ਲਗਾਈ ਜਾ ਰਹੀ ਹੈ। ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਰੂਪਨਗਰ ਡਾ. ਬੌਬੀ ਘੁਲਾਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਐਸਐਮਓ ਪੀਐਚਸੀ ਕੀਰਤਪੁਰ ਸਾਹਿਬ ਡਾ. ਸੁਰਜੀਤ ਸਿੰਘ ਦੀ ਅਗਵਾਈ ਹੇਠ ਜਾਗਰੂਕਤਾ ਅਤੇ ਪ੍ਰੇਰਣਾ ਮੁਹਿੰਮ ਨੂੰ ਤੇਜ਼ ਕੀਤਾ ਗਿਆ ਹੈ।ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀਰਤਪੁਰ ਸਾਹਿਬ ਵਿਖੇ ਪਿਛਲੇ ਦਿਨੀਂ ਇੱਕ ਜਾਣਕਾਰੀ ਕੈਂਪ ਲਗਾਇਆ ਗਿਆ। ਇਸ ਮੌਕੇ ਇਸਤਰੀ ਰੋਗ ਮਾਹਿਰ ਡਾ. ਅਨੂੰ ਸ਼ਰਮਾ ਨੇ ਵਿਦਿਆਰਥਣਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਿਊਮਨ ਪੈਪੀਲੋਮਾ ਵਾਇਰਸ (ਐਚਪੀਵੀ) ਦੀ ਲਾਗ ਤੋਂ ਬਚਾਅ ਲਈ ਇਹ ਵੈਕਸੀਨ ਲਗਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਐਚਪੀਵੀ ਵੈਕਸੀਨ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਸਮੇਤ ਹੋਰ ਐਚਪੀਵੀ ਨਾਲ ਸਬੰਧਤ ਬਿਮਾਰੀਆਂ ਤੋਂ ਬਚਾਅ ਵਿੱਚ ਸਹਾਇਕ ਹੈ। ਉਨ੍ਹਾਂ ਕਿਹਾ ਕਿ ਵਿਆਹ ਤੋਂ ਪਹਿਲਾਂ ਇਹ ਟੀਕਾ ਲਗਵਾਉਣ ਦੇ ਕਈ ਲਾਭ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਾਪਿਆਂ ਨਾਲ ਗੱਲਬਾਤ ਕਰਕੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਮੁਫ਼ਤ ਟੀਕਾਕਰਨ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ।ਡਾ. ਅਨੂੰ ਸ਼ਰਮਾ ਨੇ ਦੱਸਿਆ ਕਿ ਕੀਰਤਪੁਰ ਸਾਹਿਬ, ਢੇਰ, ਬ੍ਰਹਮਪੁਰ, ਕਥੇੜਾ, ਸਹਿਜੋਵਾਲ ਅਤੇ ਹੋਰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਐਚਪੀਵੀ ਵੈਕਸੀਨ ਰੋਜ਼ਾਨਾ ਲਗਾਈ ਜਾ ਰਹੀ ਹੈ।ਇਸ ਮੌਕੇ ਐਲਐਚਵੀ ਜਗਮੋਹਨ ਕੌਰ, ਸੁਖਦੀਪ ਸਿੰਘ, ਕੁਲਵਿੰਦਰ ਸਿੰਘ, ਹਰਜੀਤ ਕੌਰ, ਸਟਾਫ ਨਰਸ, ਏਐਨਐਮ ਕਮਲ ਅਤੇ ਸਕੂਲ ਦਾ ਸਟਾਫ ਹਾਜ਼ਰ ਸੀ।






