ਕਰਤਾਰਪੁਰ ਹਲਕੇ ਵਿੱਚ ਵਿਧਾਇਕ ਬਲਕਾਰ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਸਜ਼ਾਵਾਰ, ਬੁੱਲੋਵਾਲ ਅਤੇ ਬੁੱਟਰਾਂ ਵਿਖੇ 6.88 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟ ਸਮਰਪਿਤ ਕੀਤੇ ਗਏ।ਇਸੇ ਤਰ੍ਹਾਂ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੇਰਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੰਗ ਸਾਹਿਬ ਰਾਏ, ਬਿੱਲਾ ਨਵਾਬ, ਤਲਵੰਡੀ ਭਰੋ ਅਤੇ ਹੇਰਾਂ ਵਿਖੇ 21.86 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।ਸਮਾਗਮਾਂ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾਂ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਿਆਰ ਕਾਇਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਉਪਰਾਲੇ ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਹੁਣ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਅਤੇ ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਨੇ ਕਈ ਪਹਿਲਕਦਮੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ, ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵਿਦੇਸ਼ ਭੇਜਣਾ, ਕੈਂਪਸ ਮੈਨੇਜਰ ਤੇ ਸੁਰੱਖਿਆ ਗਾਰਡ ਨਿਯੁਕਤ ਕਰਨਾ, ਬੱਸ ਸੇਵਾ ਸ਼ੁਰੂ ਕਰਨਾ, ਡਿਜੀਟਲ ਸਿਖ਼ਲਾਈ ਨੂੰ ਉਤਸ਼ਾਹਿਤ ਕਰਨਾ ਵਰਗੇ ਕਈ ਉਪਰਾਲੇ ਸ਼ਾਮਲ ਹਨ।






