ਜੈਤੋ, 14 ਜੁਲਾਈ (ਮਨਜੀਤ ਸਿੰਘ ਢੱਲਾ): ਜੈਤੋ ਸ਼ਹਿਰ ਦੇ ਮੁਕਤਸਰ ਰੋਡ ‘ਤੇ ਐਚਡੀਐਫਸੀ ਬੈਂਕ ਨੇੜੇ ਮੰਗਲਵਾਰ ਨੂੰ ਕਰੀਬ ਵੀਹ ਮਿੰਟ ਤੱਕ ਭਾਰੀ ਟ੍ਰੈਫਿਕ ਜਾਮ ਲੱਗਾ ਰਿਹਾ, ਜਿਸ ਕਾਰਨ ਕਾਰਾਂ, ਬੱਸਾਂ, ਟਰੱਕਾਂ ਅਤੇ ਦੋਪਹੀਆ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਜਾਮ ਕਾਰਨ ਰਾਹਗੀਰਾਂ ਅਤੇ ਸਕੂਲ ਦੇ ਬੱਚਿਆਂ ਤੇ ਵਾਹਨ ਚਾਲਕਾਂ ਅਤੇ ਕਾਰੋਬਾਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਜਦਕਿ ਆਵਾਜਾਈ ਲੰਬੇ ਸਮੇਂ ਤੱਕ ਪ੍ਰਭਾਵਿਤ ਰਹੀ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜੈਤੋ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਉਨ੍ਹਾਂ ਅਨੁਸਾਰ ਸ਼ਹਿਰ ਦੀਆਂ ਕੁਝ ਬੈਂਕਾਂ ਕੋਲ ਪਾਰਕਿੰਗ ਲਈ ਲੋੜੀਂਦੀ ਜਗ੍ਹਾ ਨਾ ਹੋਣ ਕਾਰਨ ਗਾਹਕ ਆਪਣੇ ਵਾਹਨ ਸੜਕ ਕਿਨਾਰੇ ਖੜ੍ਹੇ ਕਰਕੇ ਬੈਂਕਾਂ ਵਿੱਚ ਚਲੇ ਜਾਂਦੇ ਹਨ। ਇਸ ਕਾਰਨ ਸੜਕ ਦਾ ਵੱਡਾ ਹਿੱਸਾ ਘਿਰ ਜਾਂਦਾ ਹੈ ਅਤੇ ਭੀੜ-ਭਾੜ ਦੇ ਸਮੇਂ ਟ੍ਰੈਫਿਕ ਜਾਮ ਦੀ ਸਥਿਤੀ ਬਣ ਜਾਂਦੀ ਹੈ। ਸ਼ਹਿਰ ਵਾਸੀਆਂ ਨੇ ਮੰਗ ਕੀਤੀ ਕਿ ਬੈਂਕ ਪ੍ਰਬੰਧਕਾਂ ਨੂੰ ਪਾਰਕਿੰਗ ਪ੍ਰਬੰਧ ਯਕੀਨੀ ਬਣਾਉਣ ਲਈ ਪਾਬੰਦ ਕੀਤਾ ਜਾਵੇ ਅਤੇ ਸੜਕਾਂ ‘ਤੇ ਬੇਤਰਤੀਬ ਢੰਗ ਨਾਲ ਵਾਹਨ ਖੜ੍ਹੇ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਟ੍ਰੈਫਿਕ ਪੁਲਿਸ ਦੀ ਨਿਯਮਤ ਤਾਇਨਾਤੀ ਨਾਲ ਹੀ ਇਸ ਸਮੱਸਿਆ ਦਾ ਹੱਲ ਸੰਭਵ ਹੈ। ਸ਼ਹਿਰ ਵਾਸੀਆਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜੈਤੋ ਦੇ ਟ੍ਰੈਫਿਕ ਪ੍ਰਬੰਧਾਂ ਦੀ ਸਮੀਖਿਆ ਕਰਕੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਟ੍ਰੈਫਿਕ ਕਰਮਚਾਰੀ ਅਕਸਰ ਵਾਹਨਾਂ ਦੇ ਚਾਲਾਨ ਕੱਟਣ ਵਿੱਚ ਰੁੱਝੇ ਨਜ਼ਰ ਆਉਂਦੇ ਹਨ, ਪਰ ਜਦੋਂ ਸ਼ਹਿਰ ਦੇ ਮੁੱਖ ਚੌਕਾਂ ਅਤੇ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਟ੍ਰੈਫਿਕ ਜਾਮ ਲੱਗਦਾ ਹੈ ਤਾਂ ਟ੍ਰੈਫਿਕ ਨੂੰ ਸੁਚਾਰੂ ਬਣਾਉਣ ਲਈ ਉਨ੍ਹਾਂ ਦੀ ਮੌਜੂਦਗੀ ਘੱਟ ਹੀ ਦਿਖਾਈ ਦਿੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਬੇਤਰਤੀਬ ਪਾਰਕਿੰਗ ‘ਤੇ ਸਖ਼ਤੀ ਨਾਲ ਨਿਯੰਤਰਣ ਕੀਤਾ ਜਾਵੇ, ਭੀੜ ਵਾਲੇ ਸਥਾਨਾਂ ‘ਤੇ ਟ੍ਰੈਫਿਕ ਕਰਮਚਾਰੀਆਂ ਦੀ ਨਿਯਮਤ ਡਿਊਟੀ ਯਕੀਨੀ ਬਣਾਈ ਜਾਵੇ ਅਤੇ ਰੋਜ਼ਾਨਾ ਲੱਗਣ ਵਾਲੇ ਟ੍ਰੈਫਿਕ ਜਾਮ ਤੋਂ ਲੋਕਾਂ ਨੂੰ ਸਥਾਈ ਰਾਹਤ ਦਿਵਾਈ ਜਾਵੇ।






