ਅੰਮ੍ਰਿਤਸਰ, 8 ਸਤੰਬਰ( ਮਨਜੀਤ ਸਿੰਘ ਸ਼ੇਰਗਿੱਲ)=ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਨੇ ਅੱਜ ਬਲਾਕ ਪੱਧਰੀ ਖੇਡ ਮੁਕਾਬਲਿਆਂ (ਅੰਮ੍ਰਿਤਸਰ) ਤਹਿਤ ਬਲਾਕ ਅਟਾਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਟਾਰੀ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ 2026’ ਸੀਜ਼ਨ-4 ਦਾ ਉਦਘਾਟਨ ਕੀਤਾ।ਇਸ ਮੌਕੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਸਲਾ-ਅਫ਼ਜ਼ਾਈ ਕੀਤੀ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜੇ ਨੌਜਵਾਨ ਹੀ ਤੰਦਰੁਸਤ, ਮਜ਼ਬੂਤ ਅਤੇ ਨਸ਼ਾ-ਮੁਕਤ ਪੰਜਾਬ ਦੀ ਨੀਂਹ ਹਨ।ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਮੰਚ ਪ੍ਰਦਾਨ ਕਰਨ ਦੇ ਮੰਤਵ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਕਰਵਾਈ ਜਾ ਰਹੀ ਹੈ। ਇਨ੍ਹਾਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਬਲਾਕ ਪੱਧਰ ਤੋਂ ਹੋ ਰਹੀ ਹੈ, ਜਿਸ ਉਪਰੰਤ ਜ਼ਿਲ੍ਹਾ ਪੱਧਰੀ ਅਤੇ ਫਿਰ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਖੇਡਾਂ ਦੇ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਉਚਿਤ ਮੰਚ ਪ੍ਰਦਾਨ ਕਰਨਾ ਹੈ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਵਿੱਚ ਪੂਰੀ ਇਮਾਨਦਾਰੀ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਭਾਗ ਲੈਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।