ਕੁਰਾਲੀ 23 ਜੁਲਾਈ (ਜਗਦੇਵ ਸਿੰਘ ): ਪੰਜਾਬ ਸਰਕਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਮੋਹਾਲੀ ਵਿਖੇ ਜਮਾਤ 11ਵੀਂ ਅਤੇ 12ਵੀਂ ਦੇ 102 ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਵੰਡੇ ਗਏ।ਇਸ ਮੌਕੇ ਸਕੂਲ ਬੈਗ ਵੰਡਣ ਦੀ ਰਸਮ ਜਗਮੀਤ ਸਿੰਘ ਜੱਗੀ (ਬਲਾਕ ਪ੍ਰਧਾਨ), ਹਰਮੀਤ ਸਿੰਘ (ਜ਼ਿਲ੍ਹਾ ਪ੍ਰਧਾਨ) ਅਤੇ ਸਤਵਿੰਦਰ ਸਿੰਘ (ਬਲਾਕ ਪ੍ਰਧਾਨ) ਵੱਲੋਂ ਅਦਾ ਕੀਤੀ ਗਈ।ਸਮਾਗਮ ਦੌਰਾਨ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ, ਸਮੂਹ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਸਮੂਹ ਅਧਿਆਪਕ ਸਟਾਫ, ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਰਹੇ। ਇਸ ਤੋਂ ਇਲਾਵਾ ਸਾਬਕਾ ਸਰਪੰਚ ਸੌਦਾਗਰ ਸਿੰਘ ਨੇ ਵੀ ਵਿਸ਼ੇਸ਼ ਤੌਰ ‘ਤੇ ਸਮਾਗਮ ਵਿੱਚ ਸ਼ਿਰਕਤ ਕੀਤੀ।ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਵਿਦਿਆਰਥੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਅਤੇ ਪਤਵੰਤਿਆਂ ਨੂੰ ਯਾਦਗਾਰੀ ਪੌਦੇ ਭੇਟ ਕਰਕੇ ਸਨਮਾਨਿਤ ਵੀ ਕੀਤਾ।ਹਾਜ਼ਰ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਚਨਬੱਧ ਹੈ।