ਦੋਰਾਹਾ, 17 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ):=ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਦੋਰਾਹਾ ਇਲਾਕੇ ਦੀ ਭਾਜਪਾ ਲੀਡਰਸ਼ਿਪ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਭਾਜਪਾ ਦੇ ਟਕਸਾਲੀ ਆਗੂ ਵਿਨੋਦ ਕੁਮਾਰ ਬਿੱਲਾ ਵੈਕਟਰ ਅਤੇ ਪਾਰਟੀ ਵਰਕਰਾਂ ਨੇ ਹਰਜੀਤ ਸਿੰਘ ਗਰੇਵਾਲ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਵਿਨੋਦ ਕੁਮਾਰ ਬਿੱਲਾ ਵੈਕਟਰ ਨੇ ਕਿਹਾ ਕਿ ਹਰਜੀਤ ਸਿੰਘ ਗਰੇਵਾਲ ਲੰਬੇ ਸਮੇਂ ਤੋਂ ਭਾਜਪਾ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗਰੇਵਾਲ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਦੇਣਾ ਉਨ੍ਹਾਂ ਦੀ ਸੇਵਾ, ਤਜਰਬੇ ਅਤੇ ਸਮਰਪਣ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਹਰਜੀਤ ਸਿੰਘ ਗਰੇਵਾਲ ਘੱਟ ਗਿਣਤੀ ਵਰਗਾਂ ਦੇ ਹੱਕਾਂ ਅਤੇ ਭਲਾਈ ਲਈ ਹਮੇਸ਼ਾ ਸੰਵੇਦਨਸ਼ੀਲ ਰਹੇ ਹਨ ਅਤੇ ਉਮੀਦ ਹੈ ਕਿ ਉਹ ਆਪਣੇ ਨਵੇਂ ਅਹੁਦੇ ‘ਤੇ ਵੀ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਣਗੇ। ਬਿੱਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਉਹ ਰਾਸ਼ਟਰੀ ਪਾਰਟੀ ਹੈ ਜੋ ਦੇਸ਼ ਨੂੰ ਏਕਤਾ ਦੇ ਸੂਤਰ ਵਿੱਚ ਜੋੜ ਕੇ ਵਿਕਾਸ ਦੀ ਰਾਹ ‘ਤੇ ਅੱਗੇ ਲੈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਵਿਸ਼ਵ ਪੱਧਰ ‘ਤੇ ਆਪਣੀ ਮਜ਼ਬੂਤ ਪਹਿਚਾਣ ਬਣਾਈ ਹੈ।ਇਸ ਮੌਕੇ ਭਾਜਪਾ ਦੇ ਨਰਿੰਦਰ ਸਿੰਘ, ਲੇਖ ਰਾਜ ਆਨੰਦ, ਸੋਨੀ ਸਮੇਤ ਕਈ ਆਗੂਆਂ ਅਤੇ ਵਰਕਰਾਂ ਨੇ ਵੀ ਹਰਜੀਤ ਸਿੰਘ ਗਰੇਵਾਲ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।






