ਰੂਪਨਗਰ ਦਲਜੀਤ ਚਨੋਲੀ : ਪੰਜਾਬ ਸਰਕਾਰ ਵੱਲੋਂ ਯੋਗਤਾ ਅਤੇ ਮੈਰਿਟ ਨੂੰ ਪਹਿਲ ਦਿੰਦਿਆਂ ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਦੇਣ ਦੀ ਨੀਤੀ ਤਹਿਤ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੁਣੀਆਂ ਗਈਆਂ ਨਵਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਗਏ। ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਕੈਨਾਲ ਗੈਸਟ ਹਾਊਸ ਰੂਪਨਗਰ ਵਿਖੇ ਇਕ ਸਾਧਾਰਨ ਸਮਾਗਮ ਦੌਰਾਨ ਬਲਾਕ ਰੂਪਨਗਰ ਦੀਆਂ 4 ਅਤੇ ਬਲਾਕ ਨੂਰਪੁਰਬੇਦੀ ਦੀਆਂ 10 ਆਂਗਣਵਾੜੀ ਵਰਕਰਾਂ ਸਮੇਤ ਕੁੱਲ 14 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਭੇਟ ਕਰਕੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਸਰਕਾਰੀ ਭਰਤੀ ਨੂੰ ਪੂਰੀ ਪਾਰਦਰਸ਼ਤਾ ਨਾਲ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਪੁਲਿਸ, ਸਮਾਜਿਕ ਸੁਰੱਖਿਆ ਅਤੇ ਹੋਰ ਕਈ ਸਰਕਾਰੀ ਵਿਭਾਗਾਂ ਵਿੱਚ ਵੱਡੀ ਗਿਣਤੀ ਵਿੱਚ ਨਿਯੁਕਤੀਆਂ ਕਰਕੇ ਯੋਗ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤੀ ਸਪੱਸ਼ਟ ਹੈ ਕਿ ਹਰ ਯੋਗ ਉਮੀਦਵਾਰ ਨੂੰ ਬਿਨਾਂ ਕਿਸੇ ਸਿਫਾਰਿਸ਼, ਰਿਸ਼ਵਤ ਜਾਂ ਰਾਜਨੀਤਿਕ ਦਖ਼ਲ ਦੇ ਸਿਰਫ਼ ਉਸ ਦੀ ਮੈਰਿਟ ਦੇ ਆਧਾਰ ‘ਤੇ ਨੌਕਰੀ ਮਿਲੇ। ਉਨ੍ਹਾਂ ਨਵਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ, ਸਮਰਪਣ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਅਤੇ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ। ਇਸ ਮੌਕੇ ਨਵਨਿਯੁਕਤ ਆਂਗਣਵਾੜੀ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਭਰਤੀ ਪ੍ਰਕਿਰਿਆ ਰਾਹੀਂ ਨਿਯੁਕਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਤੋਂ ਕਿਸੇ ਵੀ ਤਰ੍ਹਾਂ ਦੀ ਸਿਫਾਰਿਸ਼ ਜਾਂ ਆਰਥਿਕ ਲੈਣ-ਦੇਣ ਦੀ ਮੰਗ ਨਹੀਂ ਕੀਤੀ ਗਈ ਅਤੇ ਸਿਰਫ਼ ਯੋਗਤਾ ਦੇ ਆਧਾਰ ‘ਤੇ ਉਨ੍ਹਾਂ ਦੀ ਚੋਣ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਇਮਾਨਦਾਰ ਅਤੇ ਪਾਰਦਰਸ਼ੀ ਕਾਰਜਸ਼ੈਲੀ ਦਾ ਸਬੂਤ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਦਿਨੇਸ਼ ਚੱਢਾ ਦਾ ਦਿਲੋਂ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਲੋਕਾਂ ਦੀ ਸੇਵਾ ਨੂੰ ਆਪਣਾ ਪਹਿਲਾ ਫਰਜ਼ ਸਮਝਦਿਆਂ ਪੂਰੀ ਲਗਨ ਨਾਲ ਕੰਮ ਕਰਨਗੇ।ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਦੇਸ ਰਾਜ ਸੈਣੀ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਰੂਪਨਗਰ ਸੰਜੂ ਦੇਵੀ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨੂਰਪੁਰਬੇਦੀ ਸੁਖਮਨੀਤ ਕੌਰ, ਸਰਕਲ ਸੁਪਰਵਾਈਜ਼ਰ ਅਮ੍ਰਿਤ ਕੌਰ, ਹਰਕੀਤ ਕੌਰ, ਸੰਤੋਸ਼ ਸੈਣੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਫੋਟੋ ਕੈਪਸ਼ਨ: ਨਵਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹਲਕਾ ਵਿਧਾਇਕ ਦਿਨੇਸ਼ ਚੱਢਾ






